ਸੁਖਦੇਵ ਸਿੰਘ ਢੀਂਡਸਾ

ਸਾਡਾ ਮੁੱਖ ਮਕਸਦ ਸ਼੍ਰੋਮਣੀ ਕਮੇਟੀ ਚੋਣਾਂ ਜਿੱਤਣਾ- ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ, 30 ਅਕਤੂਬਰ 2021- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਧਾਨ ਸੁਖਦੇਵ ਸਿੰਘ ਢੀਂਡਸਾ ਨੇ ਰੂਪਨਗਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡਾ ਮੁੱਖ ਮਕਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਿੱਤਣਾ ਹੈ।

8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਬਾਰੇ ਢੀਂਡਸਾ ਨੇ ਕਿਹਾ ਕਿ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਜੇਕਰ ਬੋਲਣ ਦਾ ਸਮਾਂ ਮਿਲਿਆ ਤਾਂ ਉਹ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਗੱਲ ਜ਼ਰੂਰ ਰੱਖਣਗੇ।

ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਕਦੇ ਵੀ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਨਹੀਂ ਕਰੇਗਾ। ਇਨ੍ਹਾਂ ਪਾਰਟੀਆਂ ਤੋਂ ਬਿਨ੍ਹਾਂ ਜੇਕਰ ਕੋਈ ਪਾਰਟੀ ਲੱਗੇ ਤਾਂ ਅਸੀਂ ਸਮਝੌਤਾ ਕਰ ਸਕਦੇ ਹਾਂ। ਢੀਂਡਸਾ ਨੇ ਕਿਹਾ ਕਿ ਭਾਜਪਾ ਨੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ, ਜੇਕਰ ਨਵੇਂ ਖੇਤੀ ਕਾਨੂੰਨ ਰੱਦ ਕੀਤੇ ਜਾਂਦੇ ਹਨ ਤਾਂ ਦੇਖਣਾ ਹੋਏਗਾ ਕੀ ਕੇਂਦਰ ਸਰਕਾਰ ਕਿਸਾਨਾਂ ਨੂੰ ਕੋਈ ਮੁਆਵਜਾ ਦੇਏਗੀ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੇਰੀ ਸਮਝੌਤਾ ਹੋਣ ਬਾਰੇ ਕੋਈ ਗੱਲ ਨਹੀਂ ਹੋਈ ਹੈ ਅਤੇ ਕੈਪਟਨ ਖੁਦ ਵੀ ਕਹਿ ਚੁੱਕੇ ਹਨ ਕਿ ਉਨ੍ਹਾਂ ਦੀ ਮੇਰੇ ਨਾਲ ਕੋਈ ਗੱਲ ਨਹੀਂ ਹੋਈ ਹੈ। ਸੁਖਦੇਵ ਸਿੰਘ ਢੀਂਡਸਾ ਰੂਪਨਗਰ ਵਿਖੇ ਪਾਰਟੀ ਦੇ ਆਹੁਦੇਦਾਰਾਂ ਨਾਲ ਮੀਟਿੰਗ ਕਰਨ ਪਹੁੰਚੇ ਸਨ। ਇਸ ਮੌਕੇ ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲੀ, ਜ਼ਿਲ੍ਹਾ ਪ੍ਧਾਨ ਭੁਪਿੰਦਰ ਸਿੰਘ ਬਜਰੂਡ਼ ਮੌਜੂਦ ਸਨ।

Scroll to Top