ਚੰਡੀਗੜ, 27 ਜੁਲਾਈ : ਬੀਤੇ ਦਿਨੀਂ ਮੋਗਾ – ਕੋਟ ਇਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨਾਲ ਡਾਕਟਰ ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ, ਸੁਖਜੀਤ ਸਿੰਘ ਕਾਕਾ ਲੋਹਗੜ, ਕੁਲਬੀਰ ਸਿੰਘ ਜੀਰਾ (ਸਾਰੇ ਵਿਧਾਇਕ), ਸਾਬਕਾ ਮੰਤਰੀ ਮਾਲਤੀ ਥਾਪਰ, ਸਾਬਕਾ ਵਿਧਾਇਕ ਵਿਜੈ ਸਾਥੀ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਹਰਕੇਸ਼ ਚੰਦ ਸਰਮਾ ਰਾਜਸੀ ਸਕੱਤਰ ਸਿਹਤ ਮੰਤਰੀ ਪੰਜਾਬ, ਅਤੇ ਹੋਰ ਕਈ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕੋਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸਾ ਵਿੱਚ ਕਾਫੀ ਮਿਹਨਤ ਕੀਤੀ ਹੈ। ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ ਐੱਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।
ਰੀਜਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮਿ੍ਰਤਕਾਂ ਦੇ ਪਰਿਵਾਰਾਂ ਨੂੰ 5-5 ਲੱਖ, ਜਖਮੀਆਂ ਨੂੰ 50-50 ਹਜਾਰ ਅਤੇ ਮੁਫਤ ਇਲਾਜ ਕਰਾਇਆ ਜਾਵੇਗਾ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕਾਂ ਬਾਰੇ ਉਹਨਾਂ ਕਿਹਾ ਕਿ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਇਸ ਦੁੱਖ ਵਿੱਚ ਪਰਿਵਾਰਾਂ ਨੂੰ ਢਾਰਸ ਦੇਣ ਲਈ ਉਹ ਹਮੇਸ਼ਾਂ ਨਾਲ ਖੜੇ ਹਨ। ਇਸ ਮੌਕੇ ਉਹਨਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।