Harpal Juneja

PRTC ਬੇੜੇ ‘ਚ ਹੋਣਗੀਆਂ ਸ਼ਾਮਲ 100 ਮਿੱਡੀ ਬੱਸਾਂ, 309 ਵੱਡੀਆਂ ਤੇ ਕਿਲੋਮੀਟਰ ਸਕੀਮ ਅਧੀਨ 254 ਨਵੀਂਆਂ ਬੱਸਾਂ: ਹਰਪਾਲ ਜੁਨੇਜਾ

ਪਟਿਆਲਾ, 31 ਜਨਵਰੀ 2026: ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵੇਂ ਨਿਯੁਕਤ ਕੀਤੇ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਪਾਠ, ਕੀਰਤਨ, ਅਰਦਾਸ ਅਤੇ ਪਰਮਾਤਮਾ ਦੇ ਸ਼ੁਕਰਾਨੇ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ।

ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਪੁੱਜੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੂਬਾ ਜਨਰਲ ਸਕੱਤਰ ਤੇ ਬੁਲਾਰੇ ਬਲਤੇਜ ਪੰਨੂ ਨੇ ਹਰਪਾਲ ਜੁਨੇਜਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਹਰਪਾਲ ਜੁਨੇਜਾ ਨੂੰ ਪਾਰਟੀ ਦਾ ਜੁਝਾਰੂ ਆਗੂ ਦਸਦਿਆਂ ਵਧਾਈ ਦਿੱਤੀ ਹੈ |

ਉਨ੍ਹਾਂ ਨੇ ਕਿਹਾ ਕਿ ਪੀ.ਆਰ.ਟੀ.ਸੀ. ਅਦਾਰਾ ਹੁਣ ਹੋਰ ਵੀ ਬਲੁੰਦੀਆਂ ਨੂੰ ਛੂਹੇਗਾ। ਅਮਨ ਅਰੋੜਾ ਅਤੇ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰੇਕ ਆਗੂ ਤੇ ਵਰਕਰ ਦੇ ਕੰਮ ਦੀ ਕਦਰ ਕਰਦੇ ਹਨ ਤੇ ਲੋਕਾਂ ਦੀ ਸੇਵਾ ਕਰਨ ਵਾਲਿਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ।

ਇਸ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦੇ ਭੈਣ ਬੀਬਾ ਮਨਪ੍ਰੀਤ ਕੌਰ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਦੇਵ ਮਾਨ, ਹਰਦੀਪ ਸਿੰਘ ਡਿੰਪੀ ਢਿੱਲੋਂ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਸਮੇਤ ਵੱਡੀ ਗਿਣਤੀ ਹੋਰ ਅਹਿਮ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਪਾਲ ਜੁਨੇਜਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਮਿਹਨਤੀ ਆਗੂ ਨੂੰ ਨਵੀਂ ਜਿੰਮੇਵਾਰੀ ਦਿੱਤੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਜੁਨੇਜਾ ਮਿਹਨਤ, ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਬਿਨ੍ਹਾਂ ਪੱਖਪਾਤ ਲੋਕਾਂ ਤੇ ਪਾਰਟੀ ਦੀ ਸੇਵਾ ਕਰਨਗੇ।ਹਰਪਾਲ ਸਿੰਘ ਚੀਮਾ ਨੇ ਜੁਨੇਜਾ ਦੇ ਪਿਤਾ ਭਗਵਾਨ ਦਾਸ ਜੁਨੇਜਾ ਦੀ ਸਮਾਜ ਸੇਵਾ ਦਾ ਵਿਸ਼ੇਸ਼ ਜਿਕਰ ਕਰਦਿਆਂ ਕਿਹਾ ਕਿ ਹੁਣ ਹਰਪਾਲ ਜੁਨੇਜਾ ਅਦਾਰੇ ਨੂੰ ਹੋਰ ਸਿਖ਼ਰਾਂ ‘ਤੇ ਲਿਜਾਣਗੇ।

ਇੱਕ ਸਵਾਲ ਦੇ ਜਵਾਬ ‘ਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰੀ ਬਜਟ ਤੋਂ ਪੰਜਾਬ ਨੂੰ ਵੱਡੀਆਂ ਆਸਾਂ ਹਨ, ਕਿਉਂਕਿ ਪਿਛਲੇ 4 ਸਾਲਾਂ ਤੋਂ ਕੇਂਦਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਹੀ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਪੰਜਾਬ ਨਾਲ ਇਨਸਾਫ਼ ਕਰਦਿਆਂ ਪੰਜਾਬ ਦਾ ਰੁਕਿਆ ਹੋਇਆ 8500 ਕਰੋੜ ਰੁਪਏ ਦਾ ਫੰਡ ਇਸ ਬਜਟ ‘ਚ ਜਾਰੀ ਕਰਨਗੇ ਅਤੇ ਹੜ੍ਹਾਂ ਲਈ ਮੁਆਵਜ਼ੇ ਵਜੋਂ ਐਲਾਨੇ 1600 ਕਰੋੜ ਰੁਪਏ ਵੀ ਦੇਣ ਸਮੇਤ ਪੰਜਾਬ ਵੱਲੋਂ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਭੇਜੀ ਤਜਵੀਜ ਦੇ 20,000 ਕਰੋੜ ਰੁਪਏ ਦਿੱਤਾ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਭਾਰਤ-ਪਾਕਿਸਤਾਨ ਸਬੰਧਾਂ ‘ਚ ਖਟਾਸ ਆਉਣ ਸਮੇਂ ਉਪਰੇਸ਼ਨ ਸਿੰਧੂਰ ਸਮੇਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਜੋ ਨੁਕਸਾਨ ਹੋਇਆ ਉਸ ਦਾ ਮੁਆਵਜਾ ਦੇਣ ਲਈ ਕੇਂਦਰੀ ਵਿੱਤ ਮੰਤਰੀ ਦੇ ਸਨਮੁੱਖ 1000 ਕਰੋੜ ਰੁਪਏ ਦੀ ਰੱਖੀ ਮੰਗ ਪੂਰੀ ਕੀਤੀ ਜਾਵੇ ਤਾਂ ਕਿ ਪੰਜਾਬ ਦੀ ਡਿਫੈਂਸ ਲਾਈਨ ਨੂੰ ਮਜ਼ਬੂਤ ਕੀਤਾ ਜਾਵੇ। ਇਸ ਤੋਂ ਬਿਨ੍ਹਾਂ ਦਿਹਾਤੀ ਮਜ਼ਦੂਰਾਂ ਲਈ ਮਗਨਰੇਗਾ ਸਕੀਮ ਨੂੰ ਵੀ ਦੁਬਾਰਾ ਬਹਾਲ ਕੀਤਾ ਜਾਵੇ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ‘ਚ 1300 ਹੋਰ ਨਵੀਆਂ ਬੱਸਾਂ ਲੋਕਾਂ ਦੀ ਸੇਵਾ ਲਈ ਪਾਈਆਂ ਜਾਣਗੀਆਂ। ਉਨ੍ਹਾਂ ਇੱਕ ਸਵਾਲ ਦੇ ਜਵਾਬ ‘ਚ ਕਿਹਾ ਕਿ ਪੀ.ਆਰ.ਟੀ.ਸੀ. ਦੇ ਮੁਲਾਜਮ ਵੀ ਉਨ੍ਹਾਂ ਦਾ ਪਰਿਵਾਰ ਹੈ, ਇਸ ਲਈ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਮੰਨਕੇ ਮੁਲਾਜਮਾਂ ਨੂੰ ਰਾਹਤ ਦੇ ਰਹੀ ਹੈ। ਉਨ੍ਹਾਂ ਹਰਪਾਲ ਜੁਨੇਜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਅਦਾਰੇ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣਗੇ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ‘ਚ ਹੁਣ ਪ੍ਰਾਈਵੇਟ ਤੋਂ ਜਿਆਦਾ ਸਰਕਾਰੀ ਬੱਸਾਂ ਚੱਲ ਰਹੀਆਂ ਹਨ ਤੇ ਸਾਰੀਆਂ ਨਜਾਇਜ਼ ਤੇ ਬਿਨ੍ਹਾਂ ਪਰਮਿਟ ਤੋਂ ਚਲਦੀਆਂ ਬੱਸਾਂ ਬੰਦ ਕਰਵਾ ਦਿੱਤੀਆਂ ਹਨ।

ਨਵਨਿਯੁਕਤ ਚੇਅਰਮੈਨ ਹਰਪਾਲ ਜੁਨੇਜਾ ਨੇ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਲਤੇਜ ਪੰਨੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਪ੍ਰਗਟਾਏ ਭਰੋਸੇ ‘ਤੇ ਉਹ ਹਰ ਹਾਲ ਖਰ੍ਹਾ ਉਤਰਨਗੇ। ਪਾਰਟੀ ਵੱਲੋਂ ਦਿੱਤੀ ਵੱਡੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕਰਦਿਆਂ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਉਹ ਪੀ.ਆਰ.ਟੀ.ਸੀ. ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣ ਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ. ਵੱਲੋਂ ਵੀ ਜਲਦੀ ਹੀ 254 ਕਿਲੋਮੀਟਰ ਸਕੀਮ, 100 ਮਿੱਡੀ ਬੱਸਾਂ ਅਤੇ 309 ਵੱਡੀਆਂ ਨਵੀਂਆਂ ਬੱਸਾਂ ਪਾਈਆਂ ਜਾਣਗੀਆਂ।

ਪੀ.ਆਰ.ਟੀ.ਸੀ. ਦੇ ਐਮ.ਡੀ. ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਨਵੇਂ ਚੇਅਰਮੈਨ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਦਾਰੇ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣ ਲਈ ਅਦਾਰੇ ਵੱਲੋਂ ਪੂਰੀ ਮਿਹਨਤ ਕੀਤੀ ਜਾਵੇਗੀ। ਉਨ੍ਹਾਂ ਦੇ ਨਾਲ ਪੀ.ਆਰ.ਟੀ.ਸੀ. ਦੇ ਸਾਰੇ ਜਨਰਲ ਮੈਨੇਜਰ ਵੀ ਮੌਜੂਦ ਸਨ।

Read More: ਹਰਪਾਲ ਜੁਨੇਜਾ ਪੀਆਰਟੀਸੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ, ‘ਆਪ’ ਲੀਡਰਸ਼ਿਪ ਨੇ ਦਿੱਤੀ ਵਧਾਈ

ਵਿਦੇਸ਼

Scroll to Top