Site icon TheUnmute.com

ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਪਾਣੀ ਦੀ ਸਪਲਾਈ/ਸੀਵਰੇਜ ਸਿਸਟਮ ਮੁਹੱਈਆ ਕਰਵਾਉਣ ਲਈ 11.65 ਕਰੋੜ ਰੁਪਏ ਖਰਚੇ ਜਾਣਗੇ : ਡਾ. ਇੰਦਰਬੀਰ ਸਿੰਘ ਨਿੱਜਰ

ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ 17 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਸਮਾਣਾ, ਭਾਦਸੋਂ ਅਤੇ ਮੰਡੀ ਗੋਬਿੰਦਗੜ੍ਹ ਵਿਖੇ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਵਿਕਾਸ ਕਾਰਜਾਂ ਲਈ ਤਕਰੀਬਨ 11.65 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ। ਵਿਭਾਗ ਨੇ ਇਨ੍ਹਾਂ ਕੰਮਾਂ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਪਟਿਆਲਾ ਦੇ ਸਮਾਣਾ ਵਿਖੇ ਪਾਤੜਾਂ ਦੀ ਮੁੱਖ ਸੜਕ ਤੋਂ ਸੀਵਰੇਜ ਟ੍ਰੀਟਮੈਂਟ ਪਲਾਂਟ ਤੱਕ ਨਵੀਂ ਸੀਵਰੇਜ ਲਾਈਨ ਵਿਛਾਉਣ ਅਤੇ ਸੀਵਰੇਜ ਨਾਲ ਸਬੰਧਤ ਹੋਰ ਕੰਮਾਂ ਲਈ 5.98 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਭਾਦਸੋਂ ਵਿਖੇ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਹੋਰ ਸਬੰਧਤ ਕੰਮਾਂ ’ਤੇ ਲਗਭਗ 1.44 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਡਾ: ਨਿੱਜਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਫਤਿਹਗੜ੍ਹ ਸਾਹਿਬ ਦੀ ਮੰਡੀ ਗੋਬਿੰਦਗੜ੍ਹ ਵਿਖੇ ਵੀ ਸੀਵਰੇਜ ਨਾਲ ਸਬੰਧਤ ਕੰਮਾਂ ਲਈ 4.23 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਵੱਖ-ਵੱਖ ਆਕਾਰ ਦੀਆਂ ਵਾਟਰ ਸਪਲਾਈ ਲਾਈਨਾਂ ਵਿਛਾਉਣ ਅਤੇ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਸਾਰੇ ਕੰਮ ਕੀਤੇ ਜਾਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਹੋਰ ਕਈ ਕੰਮਾਂ ਲਈ ਈ-ਟੈਂਡਰ ਵੀ ਪ੍ਰਕਾਸ਼ਿਤ ਕੀਤੇ ਗਏ ਹਨ। ਇਨ੍ਹਾਂ ਟੈਂਡਰਾਂ ਰਾਹੀਂ ਵੱਖ-ਵੱਖ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਦਰਾਂ ਦੀ ਮੰਗ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ ਤਾਂ ਜੋ ਸੂਬੇ ਦੇ ਆਮ ਲੋਕਾਂ ਦਾ ਜੀਵਨ ਸੁਖਾਲਾ ਅਤੇ ਸਿਹਤਮੰਦ ਹੋ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪਹਿਲਾਂ ਹੀ ਵੈੱਬਸਾਈਟ www.eproc.punjab.gov.in ‘ਤੇ ਇਨ੍ਹਾਂ ਕੰਮਾਂ ਲਈ ਟੈਂਡਰ ਈ-ਪ੍ਰਕਾਸ਼ਿਤ ਕੀਤੇ ਜਾ ਚੁੱਕੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ, ਤਾਂ ਇਸ ਦਾ ਵੇਰਵਾ ਵੀ ਇਸ ਵੈੱਬਸਾਈਟ ‘ਤੇ ਉਪਲਬਧ ਹੋਵੇਗਾ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

Exit mobile version