PUNJAB POLICE

ਨਸ਼ਿਆਂ ਵਿਰੁੱਧ ਜੰਗ ਦੇ 13 ਮਹੀਨੇ: ਪੰਜਾਬ ਪੁਲਿਸ ਵੱਲੋਂ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰ ਗ੍ਰਿਫ਼ਤਾਰ, 1407 ਕਿੱਲੋ ਹੈਰੋਇਨ ਬਰਾਮਦ

ਚੰਡੀਗੜ੍ਹ, 14 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫੈਸਲਾਕੁੰਨ ਜੰਗ ਦੇ 13 ਮਹੀਨੇ ਪੂਰੇ ਹੋ ਗਏ ਹਨ ਜਿਸ ਤਹਿਤ ਪੰਜਾਬ ਪੁਲਿਸ (PUNJAB POLICE) ਨੇ 5 ਜੁਲਾਈ 2022 ਤੋਂ ਹੁਣ ਤੱਕ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪੁਲਿਸ ਵੱਲੋਂ ਕੁੱਲ 13458 ਐਫਆਈਆਰਜ਼ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1630 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ।

ਅੱਜ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਚਲਾਉਂਦਿਆਂ 1259.66 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ (PUNJAB POLICE) ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ਼ 13 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 1407.16 ਕਿਲੋ ਹੋ ਗਈ ਹੈ।

ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 837.42 ਕਿਲੋ ਅਫੀਮ, 951.37 ਕਿਲੋ ਗਾਂਜਾ, 404.45 ਕੁਇੰਟਲ ਭੁੱਕੀ ਅਤੇ 89 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਪੁਲਿਸ ਨੇ ਪਿਛਲੇ 13 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਤੋਂ 13.29 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਹਫ਼ਤਾਵਾਰੀ ਅਪਡੇਟ ਦਿੰਦਿਆਂ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 316 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕਰਕੇ 231 ਐਫਆਈਆਰਜ਼, ਜਿਨ੍ਹਾਂ ਵਿੱਚੋਂ 30 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਦਿਆਂ 99.12 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਪੁਲਿਸ ਨੇ ਪਿਛਲੇ ਹਫ਼ਤੇ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 9.20 ਕਿਲੋ ਅਫੀਮ, 11.40 ਕਿਲੋ ਗਾਂਜਾ, 3.47 ਕੁਇੰਟਲ ਭੁੱਕੀ, 36018 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ 3.31 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਐਨਡੀਪੀਐਸ ਦੇ ਕੇਸਾਂ ਵਿੱਚ 13 ਹੋਰ ਵਿਅਤੀਆਂ ਦੀ ਗ੍ਰਿਫ਼ਤਾਰੀ ਨਾਲ 5 ਜੁਲਾਈ, 2022 ਨੂੰ ਪੀ.ਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ 1026 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਹਰੇਕ ਮਾਮਲੇ, ਖਾਸ ਕਰਕੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ, ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਭਾਵੇਂ ਇਹ ਥੋੜ੍ਹੀ ਮਾਤਰਾ ਵਿੱਚ ਨਸ਼ੇ ਦੀ ਬਰਾਮਦਗੀ ਹੀ ਕਿਉਂ ਨਾ ਹੋਵੇ।

Scroll to Top