ਚੰਡੀਗੜ੍ਹ 22 ਸਤੰਬਰ 2025: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਹੌਲੀ-ਹੌਲੀ ਆਮ ਵਾਂਗ ਹੋ ਰਹੀ ਹੈ, ਪ੍ਰਭਾਵਿਤ ਪਰਿਵਾਰ ਹੌਲੀ-ਹੌਲੀ ਆਪਣੇ ਘਰਾਂ ਨੂੰ ਪਰਤ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਕੁੱਲ 219 ਰਾਹਤ ਕੈਂਪ (camp) ਖੋਲ੍ਹੇ ਗਏ ਸਨ, ਪਰ ਇਸ ਵੇਲੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਿਰਫ਼ 13 ਹੀ ਚੱਲ ਰਹੇ ਹਨ, ਜਿਨ੍ਹਾਂ ਵਿੱਚ 10 ਹੜ੍ਹ ਪ੍ਰਭਾਵਿਤ ਲੋਕ ਰਹਿ ਰਹੇ ਹਨ। ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਤੱਕ ਸੂਬੇ ਭਰ ਵਿੱਚ 25 ਕੈਂਪ ਚੱਲ ਰਹੇ ਸਨ, ਜਿਨ੍ਹਾਂ ਵਿੱਚ 163 ਲੋਕ ਰਹਿ ਰਹੇ ਸਨ।
ਮਾਲ ਮੰਤਰੀ ਨੇ ਕਿਹਾ ਕਿ ਕੱਲ੍ਹ ਤੱਕ ਫਾਜ਼ਿਲਕਾ ਅਤੇ ਜਲੰਧਰ (jalandhar) ਜ਼ਿਲ੍ਹਿਆਂ ਵਿੱਚ ਕ੍ਰਮਵਾਰ 50 ਅਤੇ 103 ਲੋਕ ਰਾਹਤ ਕੈਂਪਾਂ ਵਿੱਚ ਰਹਿ ਰਹੇ ਸਨ, ਪਰ ਅੱਜ ਸਾਰੇ ਪ੍ਰਭਾਵਿਤ ਲੋਕ ਆਪਣੇ ਘਰਾਂ ਨੂੰ ਵਾਪਸ ਆ ਗਏ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਵਿਆਪਕ ਯਤਨਾਂ ਸਦਕਾ, 1 ਅਗਸਤ ਤੋਂ ਹੁਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ 23,340 ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਰਿਪੋਰਟਾਂ ਅਨੁਸਾਰ, ਭਿਆਨਕ ਹੜ੍ਹਾਂ ਨੇ 22 ਜ਼ਿਲ੍ਹਿਆਂ ਅਤੇ 2,555 ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਨਾਲ 389,445 ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ 1 ਅਗਸਤ ਤੋਂ ਹੁਣ ਤੱਕ 57 ਲੋਕਾਂ ਦੀ ਮੌਤ ਹੋ ਗਈ ਹੈ ਅਤੇ 4 ਲਾਪਤਾ ਹਨ। ਇਸ ਤੋਂ ਇਲਾਵਾ, ਸੂਬੇ ਭਰ ਵਿੱਚ 199,926.2 ਹੈਕਟੇਅਰ ਰਕਬੇ ਵਿੱਚ ਖੜ੍ਹੀਆਂ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ।
Read More: Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ, ਜਾਣੋ ਕਦੋਂ