ਚੰਡੀਗੜ੍ਹ, 30 ਦਸੰਬਰ 2023: ਲੁਧਿਆਣਾ ਦੇ ਇਮੀਗ੍ਰੇਸ਼ਨ ਸੈਂਟਰ ਦੇ ਸੰਚਾਲਕ ਨੇ ਬਠਿੰਡਾ ਦੇ ਰਹਿਣ ਵਾਲੇ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 17.25 ਲੱਖ ਰੁਪਏ ਦੀ ਠੱਗੀ (fraud) ਮਾਰਨ ਆ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਪੀੜਤ ਨੌਜਵਾਨ ਵੱਲੋਂ ਐਸਐਸਪੀ ਬਠਿੰਡਾ ਹਰਮਨਬੀਰ ਸਿੰਘ ਗਿੱਲ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਦੇ ਈਓ ਵਿੰਗ ਨੇ ਲੁਧਿਆਣਾ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਸਮੇਤ 3 ਜਣਿਆਂ ਨੂੰ ਮਾਮਲੇ ‘ਚ ਨਾਮਜ਼ਦ ਕਰਕੇ 2 ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਥਾਣਾ ਕੈਨਾਲ ਕਲੋਨੀ ਪੁਲਿਸ ਨੂੰ ਸ਼ਿਕਾਇਤ ਦੇਣ ’ਤੇ ਅਜੈ ਕੁਮਾਰ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ। ਇਸ ਦੇ ਲਈ ਉਸ ਨੇ ਲੁਧਿਆਣਾ ਵਾਸੀ ਬੌਬੀ ਚੰਡਾਲੀਆ, ਉਸ ਦੇ ਭਰਾ ਇੰਦਰਜੀਤ ਚੰਡਾਲੀਆ ਅਤੇ ਰਾਜੇਸ਼ ਕੁਮਾਰ ਨਾਲ ਸੰਪਰਕ ਕੀਤਾ।
ਪੀੜਤ ਮੁਤਾਬਕ ਮੁਲਜ਼ਮ ਭਰਾਵਾਂ ਨੇ ਉਸ ਨੂੰ ਵਿਦੇਸ਼ ਭੇਜਣ ਦੇ ਬਹਾਨੇ ਕਈ ਕਿਸ਼ਤਾਂ ਵਿੱਚ 17.25 ਲੱਖ ਰੁਪਏ ਲਏ ਪਰ ਉਸ ਨੂੰ ਵਿਦੇਸ਼ ਨਹੀਂ ਭੇਜਿਆ। ਜਦੋਂ ਉਸ ਨੇ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਨੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਜਿਹਾ ਕਰਕੇ ਉਸ ਨਾਲ ਠੱਗੀ (fraud) ਮਾਰੀ ਗਈ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।