ਚੰਡੀਗੜ੍ਹ, 31 ਅਕਤੂਬਰ 2026: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸਾਲ 2026-27 ਦੇ ਬਜਟ ਪ੍ਰਸਤਾਵਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕਰੀਬ 2.70 ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਹੈ, ਜਿਸ ਲਈ ਲਗਭਗ ₹245 ਕਰੋੜ ਦਾ ਅਨੁਮਾਨਿਤ ਖਰਚ ਪ੍ਰਸਤਾਵਿਤ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਪੂਰੀ ਪਾਰਦਰਸ਼ਤਾ ਅਤੇ ਸਮਰਪਣ ਨਾਲ ਲਾਗੂ ਕੀਤਾ ਜਾ ਰਿਹਾ ਹੈ, ਜਿਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਵਿਦਿਆਰਥੀ ਉੱਚ ਸਿੱਖਿਆ ਹਾਸਲ ਕਰਕੇ ਆਪਣੇ ਸੁਪਨੇ ਸਾਕਾਰ ਕਰ ਰਹੇ ਹਨ।
ਸਕੀਮ ਦੀ ਪ੍ਰਗਤੀ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਸਾਲ 2020-21 ਦੇ ਮੁਕਾਬਲੇ ਸਾਲ 2025-26 ‘ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ‘ਚ 40 ਫੀਸਦੀ ਵਾਧਾ ਹੋਇਆ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਮਿਤੀ 30 ਜਨਵਰੀ, 2026 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ, ਜਿਸ ‘ਚ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਵੱਲੋਂ ਭਾਗ ਲਿਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸਕੀਮ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਤਸ਼ਾਹਿਤ ਕਰਨਾ ਸੀ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਸਕੀਮ ਨੂੰ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਆਨਲਾਈਨ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਰਜ਼ੀ ਪ੍ਰਕਿਰਿਆ ਸਬੰਧੀ ਜਾਣਕਾਰੀ, ਤਕਨੀਕੀ ਸਮੱਸਿਆਵਾਂ ਦੇ ਹੱਲ ਅਤੇ ਸਕੀਮ ਬਾਰੇ ਜਾਗਰੂਕਤਾ ਲਈ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਯੋਗ ਵਿਦਿਆਰਥੀਆਂ ਨੂੰ ਪੂਰਾ ਸਹਿਯੋਗ ਪ੍ਰਦਾਨ ਕਰਨ ਤਾਂ ਜੋ ਕੋਈ ਵੀ ਵਿਦਿਆਰਥੀ ਜਾਣਕਾਰੀ ਦੀ ਘਾਟ ਕਾਰਨ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਦੇ ਮੌਕੇ ਵਧਾ ਕੇ ਹੀ ਨੌਜਵਾਨਾਂ ਦੀ ਸਮਰੱਥਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕਦੀ ਹੈ ਅਤੇ ਇੱਕ ਬਰਾਬਰੀ ਵਾਲੇ ਤੇ ਖੁਸ਼ਹਾਲ ਪੰਜਾਬ ਦੀ ਨੀਂਹ ਮਜ਼ਬੂਤ ਕੀਤੀ ਜਾ ਸਕਦੀ ਹੈ। ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ, ਉੱਚ ਸਿੱਖਿਆ ਹਾਸਲ ਕਰਨ ਲਈ ਪੂਰੀ ਲਗਨ ਨਾਲ ਯਤਨ ਕਰਨ ਅਤੇ ਪੰਜਾਬ ਦੀ ਤਰੱਕੀ ‘ਚ ਆਪਣਾ ਯੋਗਦਾਨ ਪਾਉਣ।




