ਲੁਧਿਆਣਾ, 19 ਜੂਨ 2025: ਦੇਸ਼ ਦੇ 4 ਸੂਬਿਆਂ ਦੀਆਂ 5 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੀਰਵਾਰ ਨੂੰ ਵੋਟਿੰਗ ਜਾਰੀ ਹੈ। ਇਨ੍ਹਾਂ ‘ਚ ਗੁਜਰਾਤ ਦੀਆਂ 2, ਪੰਜਾਬ-ਕੇਰਲ ਅਤੇ ਪੱਛਮੀ ਬੰਗਾਲ ਦੀਆਂ ਇੱਕ-ਇੱਕ ਸੀਟਾਂ ਸ਼ਾਮਲ ਹਨ। ਚੋਣ ਕਮਿਸ਼ਨ ਮੁਤਾਬਕ ਇਨ੍ਹਾਂ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਇਨ੍ਹਾਂ ਜ਼ਿਮਨੀ ਚੋਣ ਦਾ ਨਤੀਜਾ 23 ਜੂਨ ਨੂੰ ਐਲਾਨਿਆ ਜਾਵੇਗਾ। ਸਵੇਰੇ 11 ਵਜੇ ਤੱਕ ਪੰਜਾਬ ਦੀ ਲੁਧਿਆਣਾ ਪੱਛਮੀ ਸੀਟ ‘ਤੇ 21.51 ਫੀਸਦੀ ਵੋਟਿੰਗ ਦਰਜ ਕੀਤੀ ਗਈ।
ਜਿਕਰਯੋਗ ਹੈ ਕਿ ਇਸ ਸਾਲ ਜਨਵਰੀ ‘ਚ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਹੋ ਗਈ ਸੀ। ਉਦੋਂ ਤੋਂ ਲੁਧਿਆਣਾ ਪੱਛਮੀ ਸੀਟ ਖਾਲੀ ਹੈ। ਇਸ ਸੀਟ ‘ਤੇ ਕੁੱਲ 14 ਉਮੀਦਵਾਰ ਚੋਣ ਲੜ ਰਹੇ ਹਨ। ‘ਆਪ’ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉਹ 2022 ਤੋਂ ਰਾਜ ਸਭਾ ਮੈਂਬਰ ਹਨ।
ਕਾਂਗਰਸ ਨੇ ਆਪਣੇ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ‘ਚ ਉਤਾਰਿਆ ਹੈ। ਆਸ਼ੂ ਪਿਛਲੀ ਕਾਂਗਰਸ ਸਰਕਾਰ ‘ਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਰਹੇ ਹਨ। ਭਾਜਪਾ ਨੇ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸਦੇ ਨਾਲ ਹੀ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਚੋਣ ਮੈਦਾਨ ‘ਚ ਹਨ |
Read More: ਲੁਧਿਆਣਾ ਨਗਰ ਨਿਗਮ ਵੱਲੋਂ ਅਧਿਕਾਰੀ ਤੇ ਕਰਮਚਾਰੀ ਦੀਆਂ ਛੁੱਟੀਆਂ ਰੱਦ