ਚੰਡੀਗੜ੍ਹ, 14 ਸਤੰਬਰ 2025 : ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਅੱਜ ਤੋਂ ਸੂਬੇ ਭਰ ਵਿੱਚ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ, ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਅੱਜ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ, ਸਮੇਂ ਸਿਰ ਅਤੇ ਨਤੀਜਾ-ਮੁਖੀ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਪ੍ਰਭਾਵਿਤ ਪਰਿਵਾਰ ਬਣਦਾ ਮੁਆਵਜ਼ਾ ਪ੍ਰਾਪਤ ਕਰਨ ਤੋਂ ਵਾਂਝਾ ਨਾ ਰਹੇ।
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੇ ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਹਰ ਹੜ੍ਹ ਪੀੜਤ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੀ ਪ੍ਰਕਿਰਿਆ ਪੂਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਆਵਜ਼ਾ ਪ੍ਰਭਾਵਿਤ ਲੋਕਾਂ ਦਾ ਅਹਿਸਾਨ ਨਹੀਂ ਸਗੋਂ ਅਧਿਕਾਰ ਹੈ।
ਮਾਲ ਮੰਤਰੀ ਨੇ ਸਪੱਸ਼ਟ ਕੀਤਾ ਕਿ ਅਧਿਕਾਰੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਜਾਣਬੁੱਝ ਕੇ ਦੇਰੀ ਕੀਤੇ ਜਾਣ ਦੀ ਸੂਰਤ ਵਿੱਚ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਵਿਸ਼ੇਸ਼ ਗਿਰਦਾਵਰੀ ਦੀ ਨਿਰਪੱਖ ਅਤੇ ਕੁਸ਼ਲ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਰੋਜ਼ਾਨਾ ਪੂਰੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾਵੇਗੀ।
ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਨ ਲਈ ਕੁੱਲ 2167 ਪਟਵਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰੀ ਤਾਇਨਾਤੀ ਅਨੁਸਾਰ, ਅੰਮ੍ਰਿਤਸਰ ਵਿੱਚ 196 ਪਟਵਾਰੀ, ਬਰਨਾਲਾ ਵਿੱਚ 115, ਬਠਿੰਡਾ ਵਿੱਚ 21, ਫਰੀਦਕੋਟ ਵਿੱਚ 15, ਫਾਜ਼ਿਲਕਾ ਵਿੱਚ 110, ਫਿਰੋਜ਼ਪੁਰ ਵਿੱਚ 113, ਗੁਰਦਾਸਪੁਰ ਵਿੱਚ 343, ਹੁਸ਼ਿਆਰਪੁਰ ਵਿੱਚ 291, ਜਲੰਧਰ ਵਿੱਚ 84, ਕਪੂਰਥਲਾ ਵਿੱਚ 149, ਲੁਧਿਆਣਾ ਵਿੱਚ 60, ਮਲੇਰਕੋਟਲਾ ਵਿੱਚ 7, ਮਾਨਸਾ ਵਿੱਚ 95, ਮੋਗਾ ਵਿੱਚ 29, ਪਠਾਨਕੋਟ ਵਿੱਚ 88, ਪਟਿਆਲਾ ਵਿੱਚ 141, ਰੂਪਨਗਰ ਵਿੱਚ 92, ਸੰਗਰੂਰ ਵਿੱਚ 107, ਐਸ.ਏ.ਐਸ. ਨਗਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 25 ਅਤੇ ਜ਼ਿਲ੍ਹਾ ਤਰਨਤਾਰਨ ਵਿੱਚ 71 ਪਟਵਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਲਈ ਤਾਇਨਾਤ ਟੀਮਾਂ ਪਿੰਡ-ਪਿੰਡ ਜਾ ਕੇ ਖੇਤਾਂ ਦਾ ਮੁਆਇਨਾ ਕਰਨਗੀਆਂ ਅਤੇ ਫਸਲਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਅਤੇ ਜਾਨਵਰਾਂ ਦੀ ਮੌਤ ਬਾਰੇ ਰਿਪੋਰਟਾਂ ਤਿਆਰ ਕਰਨਗੀਆਂ।
Read More: ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 40 ਹੋਰ ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ