Vigilance Bureau

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ ਮੰਗੀ 23 ਲੱਖ ਰੁਪਏ ਰਿਸ਼ਵਤ, ਵਿਜੀਲੈਂਸ ਬਿਊਰੋ ਵੱਲੋਂ 3 ਜਣੇ ਕਾਬੂ

ਚੰਡੀਗੜ੍ਹ 24 ਦਸੰਬਰ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਪੰਚਾਇਤੀ ਚੋਣਾਂ ਦੌਰਾਨ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜ਼ਦਗੀ ਪੱਤਰ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ | ਇਸ ਮਾਮਲੇ ‘ਚ ਵਿਜੀਲੈਂਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ |

ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ‘ਚ ਐਸ.ਡੀ.ਓ ਗੁਲਾਬ ਸਿੰਘ, ਨਹਿਰੀ ਵਿਭਾਗ, ਫ਼ਿਰੋਜ਼ਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਸਮੇਂ ਰਿਟਰਨਿੰਗ ਅਫ਼ਸਰ, ਬਲਾਕ ਘੱਲ ਖ਼ੁਰਦ ਅਤੇ ਦਵਿੰਦਰ ਸਿੰਘ, ਸਬ-ਇੰਸਪੈਕਟਰ ਖੇਤੀਬਾੜੀ ਵਿਭਾਗ (ਉਸ ਸਮੇਂ ਸਹਾਇਕ ਰਿਟਰਨਿੰਗ ਅਫ਼ਸਰ, ਬਲਾਕ ਘੱਲ ਖ਼ੁਰਦ) ਅਤੇ ਨਿਵੇਦਿਅਮ ਹੋਟਲ ਦੇ ਰਾਹੁਲ ਨਾਰੰਗ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਹੈ। ਇਨ੍ਹਾਂ ‘ਚੋਂ ਗੁਲਾਬ ਸਿੰਘ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਹੋਟਲ ਮਾਲਕ ਰਾਹੁਲ ਨਾਰੰਗ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਵਿਜੀਲੈਂਸ ਬਿਊਰੋ (Vigilance Bureau) ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਇਹ ਮਾਮਲਾ ਦਰਜ ਕੀਤਾ ਹੈ। ਪੜਤਾਲ ਦੌਰਾਨ ਪਤਾ ਲੱਗਾ ਕਿ ਸ਼ਿਕਾਇਤਕਰਤਾ ਹਰਦੀਪ ਸਿੰਘ ਅਤੇ ਉਸ ਦੇ ਭਰਾ ਜਗਦੇਵ ਸਿੰਘ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਤੂਤ ਤੋਂ ਸਰਪੰਚ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ ਅਤੇ ਪੰਚਾਇਤ ਮੈਂਬਰ ਦੀ ਚੋਣ ਲਈ ਸੁਖਜੀਤ ਕੌਰ, ਰਸ਼ਪਾਲ ਸਿੰਘ, ਮਨਜੀਤ ਕੌਰ ਅਤੇ ਜਗਮੋਹਨ ਸਿੰਘ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ |

ਨਾਮਜ਼ਦਗੀ ਭਰਨ ਤੋਂ ਬਾਅਦ ਸ਼ਿਕਾਇਤਕਰਤਾ ਨੇ ਦਵਿੰਦਰ ਸਿੰਘ, ਸਬ-ਇੰਸਪੈਕਟਰ, ਖੇਤੀਬਾੜੀ ਵਿਭਾਗ (ਉਸ ਸਮੇਂ ਸਹਾਇਕ ਰਿਟਰਨਿੰਗ ਅਫ਼ਸਰ) ਦੇ ਘਰ ਵਜੀਦਪੁਰ ਵਿਖੇ ਪਹੁੰਚਿਆ, ਜਿੱਥੇ ਉਸ ਨੂੰ ਗੁਲਾਬ ਸਿੰਘ ਵੀ ਮਿਲਿਆ ਸੀ। ਦੋਵਾਂ ਅਧਿਕਾਰੀਆਂ ਨੇ ਨਾਮਜ਼ਦਗੀ ਪੱਤਰ ਰੱਦ ਨਾ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 15 ਲੱਖ ਰੁਪਏ ਦੀ ਮੰਗ ਕੀਤੀ ਅਤੇ ਇਹ ਰਕਮ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਨੂੰ ਦੇਣ ਲਈ ਕਿਹਾ।

ਸ਼ਿਕਾਇਤਕਰਤਾ ਨੇ ਰਾਹੁਲ ਨਾਰੰਗ ਨੂੰ ਆਪਣੇ ਭਰਾ ਜਗਦੇਵ ਸਿੰਘ ਅਤੇ ਹੋਰਾਂ ਦੀ ਹਾਜ਼ਰੀ ‘ਚ 15 ਲੱਖ ਰੁਪਏ ਦੇ ਦਿੱਤੇ। ਇਸ ਤੋਂ ਬਾਅਦ ਜਦੋਂ ਸ਼ਿਕਾਇਤਕਰਤਾ ਨੇ ਮੈਂਬਰਾਂ ਦੀ ਨਾਮਜ਼ਦਗੀ ਬਾਰੇ ਪੁੱਛਿਆ ਤਾਂ ਰਾਹੁਲ ਨਾਰੰਗ ਨੇ 8 ਲੱਖ ਰੁਪਏ (ਪ੍ਰਤੀ ਮੈਂਬਰ 2 ਲੱਖ ਰੁਪਏ) ਦੀ ਹੋਰ ਰਿਸ਼ਵਤ ਮੰਗੀ।

ਜਾਂਚ ਦੌਰਾਨ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਗੁਲਾਬ ਸਿੰਘ ਐਸ.ਡੀ.ਓ ਅਤੇ ਦਵਿੰਦਰ ਸਿੰਘ ਸਬ ਇੰਸਪੈਕਟਰ ਨੇ ਰਾਹੁਲ ਨਾਰੰਗ ਨਾਲ ਮਿਲ ਕੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਸ਼ਿਕਾਇਤਕਰਤਾ ਤੋਂ 23 ਲੱਖ ਰੁਪਏ ਪ੍ਰਾਪਤ ਕੀਤੇ |

ਇਸ ਆਧਾਰ ‘ਤੇ ਵਿਜੀਲੈਂਸ ਬਿਓਰੋ, ਫ਼ਿਰੋਜ਼ਪੁਰ ਰੇਂਜ ਦੀ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਹੋਟਲ ਮਾਲਕ ਰਾਹੁਲ ਨਾਰੰਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਭਲਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read More: Kabaddi: ਪੰਜਾਬ ਟੀਮਾਂ ਦੇ ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ 26 ਦਸੰਬਰ ਨੂੰ ਹੋਣਗੇ ਟਰਾਇਲ

Scroll to Top