ਚੰਡੀਗੜ੍ਹ 9 ਸਤੰਬਰ 2025: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਅੱਜ ਦੱਸਿਆ ਕਿ ਜਿੱਥੇ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਵੱਡੀ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਫ਼ਸਲਾਂ ਦਾ ਨੁਕਸਾਨ ਵੀ ਵਧਿਆ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟਾਂ ਅਨੁਸਾਰ, ਹੁਣ ਤੱਕ 15 ਜ਼ਿਲ੍ਹਿਆਂ ਵਿੱਚ 3.87 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ ਮਾਨਸਾ, ਮੋਗਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ 3 ਹੋਰ ਮੌਤਾਂ ਹੋਈਆਂ ਹਨ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 51 ਹੋ ਗਈ ਹੈ।
ਫਸਲਾਂ ਅਤੇ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੰਦੇ ਹੋਏ ਮੁੰਡੀਆਂ ਨੇ ਕਿਹਾ ਕਿ ਹੁਣ ਤੱਕ 1,84,938.05 ਹੈਕਟੇਅਰ ਤੋਂ ਵੱਧ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਘਰਾਂ ਅਤੇ ਪਸ਼ੂਆਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਜਾਰੀ ਹੈ ਅਤੇ ਹੜ੍ਹ ਦਾ ਪਾਣੀ ਘਟਣ ਤੋਂ ਬਾਅਦ ਹੀ ਪੂਰੀ ਜਾਣਕਾਰੀ ਉਪਲਬਧ ਹੋਵੇਗੀ।
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 77 ਹੋਰ ਵਿਅਕਤੀਆਂ ਨੂੰ ਕੱਢਿਆ ਗਿਆ ਹੈ ਅਤੇ ਹੁਣ ਤੱਕ ਕੁੱਲ 23,015 ਵਿਅਕਤੀਆਂ ਨੂੰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ 123 ਰਾਹਤ ਕੈਂਪ ਸਰਗਰਮ ਹਨ ਜਿਨ੍ਹਾਂ ਵਿੱਚ 5,416 ਵਿਅਕਤੀ ਰਹਿ ਰਹੇ ਹਨ ਅਤੇ ਜ਼ਿਆਦਾਤਰ ਪ੍ਰਭਾਵਿਤ ਪਰਿਵਾਰਾਂ ਦਾ ਪੁਨਰਵਾਸ ਯਕੀਨੀ ਬਣਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਰਾਹਤ ਅਤੇ ਬਚਾਅ ਕਾਰਜਾਂ ਲਈ ਫੌਜ ਦੇ ਲਗਭਗ 30 ਹੈਲੀਕਾਪਟਰ (helicopter) ਲੱਗੇ ਹੋਏ ਹਨ ਜਦੋਂ ਕਿ ਬੀਐਸਐਫ, ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਜ਼ਮੀਨੀ ਪੱਧਰ ‘ਤੇ ਸਹਾਇਤਾ ਕਰ ਰਹੀਆਂ ਹਨ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕਾ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਜ਼ਰੂਰੀ ਚੀਜ਼ਾਂ ਸਮੇਤ ਰਾਹਤ ਸਮੱਗਰੀ 24 ਘੰਟੇ ਭੇਜੀ ਜਾ ਰਹੀ ਹੈ।
ਜ਼ਿਲ੍ਹਾਵਾਰ ਵੇਰਵੇ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ (amritsar) ਦੇ 196 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 1,36,105 ਲੋਕ ਪ੍ਰਭਾਵਿਤ ਹੋਏ ਹਨ ਅਤੇ ਜ਼ਿਲ੍ਹੇ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ਵਿੱਚ ਕੁੱਲ 3,260 ਵਿਅਕਤੀਆਂ ਨੂੰ ਕੱਢਿਆ ਗਿਆ ਹੈ ਅਤੇ ਜ਼ਿਲ੍ਹੇ ਵਿੱਚ 16 ਰਾਹਤ ਕੈਂਪ ਸਰਗਰਮ ਹਨ ਜਦੋਂ ਕਿ 27,154 ਹੈਕਟੇਅਰ ਖੜ੍ਹੀ ਫਸਲ ਨੂੰ ਨੁਕਸਾਨ ਪਹੁੰਚਿਆ ਹੈ। ਬਰਨਾਲਾ ਦੇ ਕੁੱਲ 121 ਪਿੰਡ ਹੜ੍ਹ ਦੇ ਪਾਣੀ ਵਿੱਚ ਡੁੱਬੇ ਹੋਏ ਹਨ ਜਿਸ ਨਾਲ 1,343 ਵਿਅਕਤੀ ਪ੍ਰਭਾਵਿਤ ਹੋਏ ਹਨ। ਜ਼ਿਲ੍ਹੇ ਵਿੱਚ 5 ਮੌਤਾਂ ਹੋਈਆਂ ਹਨ, 630 ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ ਹੈ ਅਤੇ 46 ਰਾਹਤ ਕੈਂਪ ਸਰਗਰਮ ਹਨ।
ਉਨ੍ਹਾਂ ਕਿਹਾ ਕਿ ਬਠਿੰਡਾ ਦੇ 21 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆਏ ਹਨ। ਹਾਲਾਂਕਿ ਕੋਈ ਆਬਾਦੀ ਸਿੱਧੇ ਤੌਰ ‘ਤੇ ਪ੍ਰਭਾਵਿਤ ਨਹੀਂ ਹੋਈ ਹੈ ਪਰ ਜ਼ਿਲ੍ਹੇ ਵਿੱਚ 4 ਮੌਤਾਂ ਹੋਈਆਂ ਹਨ ਜਦੋਂ ਕਿ 586.79 ਹੈਕਟੇਅਰ ਖੜ੍ਹੀ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸੇ ਤਰ੍ਹਾਂ ਫਰੀਦਕੋਟ ਜ਼ਿਲ੍ਹੇ ਦੇ 15 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹਨ। ਫਾਜ਼ਿਲਕਾ ਵਿੱਚ 86 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆਏ ਹਨ ਜਿਸ ਨਾਲ 25,037 ਵਿਅਕਤੀ ਪ੍ਰਭਾਵਿਤ ਹੋਏ ਹਨ ਅਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਕੁੱਲ 4,235 ਵਿਅਕਤੀਆਂ ਨੂੰ ਕੱਢਿਆ ਗਿਆ ਹੈ ਅਤੇ 14 ਰਾਹਤ ਕੈਂਪ ਸਰਗਰਮ ਹਨ ਜਦੋਂ ਕਿ 19,036 ਹੈਕਟੇਅਰ ਤੋਂ ਵੱਧ ਖੇਤਰ ਵਿੱਚ ਖੜ੍ਹੀ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ।
ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ 108 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆਏ ਹਨ ਜਿਸ ਨਾਲ 38,614 ਵਿਅਕਤੀ ਪ੍ਰਭਾਵਿਤ ਹੋਏ ਹਨ। ਜ਼ਿਲ੍ਹੇ ਵਿੱਚ ਦੋ ਮੌਤਾਂ ਦਰਜ ਕੀਤੀਆਂ ਗਈਆਂ ਹਨ, 3,948 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ ਅਤੇ 17,257 ਹੈਕਟੇਅਰ ਫ਼ਸਲੀ ਰਕਬਾ ਨੁਕਸਾਨਿਆ ਗਿਆ ਹੈ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ 329 ਪਿੰਡ ਪਾਣੀ ਦੀ ਮਾਰ ਹੇਠ ਆਏ ਹਨ, ਜਿਸ ਨਾਲ 1,45,000 ਵਿਅਕਤੀ ਪ੍ਰਭਾਵਿਤ ਹੋਏ ਹਨ ਅਤੇ ਦੋ ਮੌਤਾਂ ਹੋਈਆਂ ਹਨ। ਕੁੱਲ 5,581 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ ਅਤੇ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਸਰਗਰਮ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਸ ਜ਼ਿਲ੍ਹੇ ਵਿੱਚ ਫ਼ਸਲਾਂ ਸਭ ਤੋਂ ਵੱਧ ਪ੍ਰਭਾਵਿਤ ਹੋਈਆਂ ਹਨ, ਜਿਸ ਨਾਲ 40,169 ਹੈਕਟੇਅਰ ਰਕਬਾ ਪ੍ਰਭਾਵਿਤ ਹੋਇਆ ਹੈ।
ਹੁਸ਼ਿਆਰਪੁਰ ਵਿੱਚ 208 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 2,760 ਲੋਕਾਂ ਦੀ ਜਾਨ ਗਈ ਹੈ ਜਦੋਂ ਕਿ 7 ਵਿਅਕਤੀਆਂ ਦੀ ਜਾਨ ਗਈ ਹੈ। ਕੁੱਲ 1,616 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ ਅਤੇ 4 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਇੱਥੇ 8,322 ਹੈਕਟੇਅਰ ਫ਼ਸਲੀ ਰਕਬਾ ਨੁਕਸਾਨਿਆ ਗਿਆ ਹੈ। ਜਲੰਧਰ ਵਿੱਚ 93 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 1,970 ਲੋਕ ਪ੍ਰਭਾਵਿਤ ਹੋਏ ਹਨ। ਜਾਨ-ਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਹੁਣ ਤੱਕ ਕੁੱਲ 511 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ ਅਤੇ 18 ਰਾਹਤ ਕੈਂਪ ਸਰਗਰਮ ਹਨ। ਇੱਥੇ 4,800 ਹੈਕਟੇਅਰ ਫਸਲਾਂ ਨੂੰ ਨੁਕਸਾਨ ਦਰਜ ਕੀਤਾ ਗਿਆ ਹੈ।




