July 8, 2024 12:46 am
26,21,201 beneficiaries to get double pension: Aruna Chaudhary

ਸੂਬੇ ਦੇ 26,21,201 ਲਾਭਪਾਤਰੀਆਂ ਨੂੰ ਮਿਲੇਗੀ ਦੁੱਗਣੀ ਪੈਨਸ਼ਨ: ਅਰੁਨਾ ਚੌਧਰੀ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਇਥੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਇਥੋਂ ਜਾਰੀ ਬਿਆਨ ਵਿੱਚ ਉਨਾਂ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ।

ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜ਼ਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖਰਚਿਆਂ ਦੇ ਮੁਕਾਬਲੇ 72 ਫੀਸਦੀ ਵਾਧਾ ਦਰਸਾਉਂਦਾ ਹੈ। ਸਾਲ 2019-20 ਅਤੇ 2020-21 ਵਿੱਚ ਕ੍ਰਮਵਾਰ 2,089 ਕਰੋੜ ਅਤੇ 2,277 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸਨ ਵੰਡੀ ਗਈ, ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਾਲ 2016-17 ਵਿੱਚ ਦਿੱਤੀ ਮਹਿਜ 747 ਕਰੋੜ ਰੁਪਏ ਦੀ ਪੈਨਸਨ ਨਾਲੋਂ ਤਿੰਨ ਗੁਣਾ ਵੱਧ ਬਣਦੀ ਹੈ।

ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ।ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਸਮੂਹ ਜਿਲਿਆਂ ਦੇ 17,64,909 ਬਜੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।