Dr. Manmohan Singh

ਪੰਜਾਬ ਸਰਕਾਰ ਵੱਲੋਂ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

ਅੰਮ੍ਰਿਤਸਰ, 25 ਦਸੰਬਰ 2024: ਪੰਜਾਬ ਦੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਜਲ ਸੰਭਾਲ ਦੇ ਕਈ ਪ੍ਰਭਾਵਸ਼ਾਲੀ ਪ੍ਰੋਜੈਕਟ ਲਾਗੂ ਕੀਤੇ ਗਏ ਹਨ, ਜੋ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਅਤੇ ਵਾਤਾਵਰਣ ਦੀ ਸੰਭਾਲ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪੰਜਾਬ ਦੇ ਸਿੰਚਾਈ ਖੇਤਰ ਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕਰ ਰਹੇ ਹਨ।

ਮੰਤਰੀ ਨੇ ਕਿਹਾ ਕਿ ਟਿਕਾਊ ਜਲ ਪ੍ਰਬੰਧਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੇ ਹਿੱਸੇ ਵਜੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦਾ ਸਿੱਧਾ ਲਾਭ ਸਮੁੱਚੇ ਕਿਸਾਨ ਭਾਈਚਾਰੇ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਉਤਪਾਦਕਤਾ ਵਧਾਉਣ ਦੇ ਨਾਲ-ਨਾਲ ਪਾਣੀ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣਾ ਸਾਲ 2024 ‘ਚ ਸਾਡੇ ਮਿਸ਼ਨ ਦਾ ਅਹਿਮ ਪਹਿਲੂ ਰਿਹਾ ਹੈ।

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ‘ਚ ਭੂਮੀਗਤ ਪਾਈਪਲਾਈਨ ਅਧਾਰਤ ਸਿੰਚਾਈ ਨੈੱਟਵਰਕ (Pipeline Irrigation Network) ਦੇ ਵਿਸਤਾਰ ਦੇ ਹਿੱਸੇ ਵਜੋਂ 277.57 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਨਵੇਂ ਨਬਾਰਡ ਫੰਡਿਡ ਪ੍ਰੋਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੰਚਾਈ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਇਹ ਪ੍ਰੋਜੈਕਟ 40,000 ਹੈਕਟੇਅਰ ਤੋਂ ਵੱਧ ਖੇਤਰ ਨੂੰ ਸਿੰਚਾਈ ਦੀ ਸਹੂਲਤ ਪ੍ਰਦਾਨ ਕਰਨਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਨੇ 18 ਭੂਮੀਗਤ ਪਾਈਪਲਾਈਨ ਆਧਾਰਿਤ ਸਿੰਚਾਈ ਪ੍ਰੋਜੈਕਟ ਸ਼ੁਰੂ ਕਰਕੇ ਸਤਹੀ ਪਾਣੀ ਦੇ ਬਦਲਵੇਂ ਸਰੋਤਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਅਹਿਮ ਕਦਮ ਚੁੱਕੇ ਹਨ। 50 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਲੇ ਇਨ੍ਹਾਂ ਪ੍ਰੋਜੈਕਟਾਂ ਤਹਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ 67 ਐਮਐਲਡੀ ਟ੍ਰੀਟਿਡ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਨਾਲ 2,233 ਹੈਕਟੇਅਰ ਤੋਂ ਵੱਧ ਖੇਤਰ ਨੂੰ ਲਾਭ ਮਿਲ ਰਿਹਾ ਹੈ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਿੰਚਾਈ ਲਈ ਟੇਲ-ਐਂਡ ਤੱਕ ਪਾਣੀ ਦੀ ਸੁਚੱਜੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਨੇ 860 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ (Pipeline Irrigation Network) ਵਿਛਾਈਆਂ ਹਨ, ਜਿਸ ਨਾਲ 10,841 ਹੈਕਟੇਅਰ ਰਕਬੇ ਨੂੰ ਫਾਇਦਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਕਿਸਾਨ ਸਮੂਹਾਂ ਨੂੰ 90 ਫੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਪਾਣੀ ਦੀ ਸੰਭਾਲ ਵੱਲ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ, 90% ਸਬਸਿਡੀ ਦੇ ਨਾਲ ਲਗਭਗ 1,874 ਹੈਕਟੇਅਰ ਖੇਤਰ ਨੂੰ ਤੁਪਕਾ ਅਤੇ ਛਿੜਕਾਅ ਸਿੰਚਾਈ ਪ੍ਰਣਾਲੀਆਂ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਪੇਂਡੂ ਛੱਪੜਾਂ ਦੇ ਪਾਣੀ ਦੀ ਸਿੰਚਾਈ ਲਈ ਵਰਤੋਂ ਕਰਨ ਲਈ ਰਾਜ ਦੇ 27 ਪਿੰਡਾਂ ‘ਚ ਸੋਲਰ-ਲਿਫਟ ਸਿੰਚਾਈ ਪ੍ਰੋਜੈਕਟ ਵੀ ਸ਼ੁਰੂ ਕੀਤੇ ਹਨ।

ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸੇ ਤਰ੍ਹਾਂ ਸੂਬੇ ਦੇ ਨੀਮ ਪਹਾੜੀ ਕੰਢੀ ਖੇਤਰ ਵਿੱਚ ਬਰਸਾਤੀ ਪਾਣੀ ਨੂੰ ਸੰਭਾਲਣ ਅਤੇ ਮਿੱਟੀ ਦੇ ਕਟੌਤੀ ਅਤੇ ਹੜ੍ਹਾਂ ਨੂੰ ਰੋਕਣ ਲਈ 42 ਵਾਟਰ ਹਾਰਵੈਸਟਿੰਗ-ਕਮ-ਰੀਚਾਰਜਿੰਗ ਸਟਰੱਕਚਰਾਂ ਅਤੇ ਚੈਕ ਡੈਮ ਬਣਾਏ ਗਏ ਹਨ।

ਉਨ੍ਹਾਂ ਕਿਹਾ ਕਿ ਸਾਲ 2024 ‘ਚ ਪੰਜਾਬ ‘ਚ ਪਹਿਲੀ ਵਾਰ ਕਈ ਸਮਰਪਿਤ ਪ੍ਰੋਗਰਾਮ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ‘ਚ ਨਹਿਰਾਂ ਅਤੇ ਪਿੰਡਾਂ ਦੇ ਛੱਪੜਾਂ ਦੇ ਸਤਹੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ, ਚੈਕ ਡੈਮਾਂ ਦੀ ਉਸਾਰੀ, ਮਿੱਟੀ ਅਤੇ ਜ਼ਮੀਨ ਦੀ ਸੁਰੱਖਿਆ, ਹੜ੍ਹਾਂ ਤੋਂ ਬਚਾਅ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਸ਼ਾਮਲ ਹਨ। ਜਿਸ ਨਾਲ ਸੂਬੇ ਦੇ ਕਿਸਾਨ ਭਰਾਵਾਂ ਨੂੰ ਫਾਇਦਾ ਹੋਵੇਗਾ।

Read More: Ludhiana News: ਲੁਧਿਆਣਾ ਸਥਿਤ ਸ਼ਿਵ ਮੰਦਰ ‘ਚ ਬੇਅਦਬੀ ਦੀ ਘਟਨਾ, ਲੋਕਾਂ ਨੇ ਵਿਅਕਤੀ ਨੂੰ ਮੌਕੇ ‘ਤੇ ਕੀਤਾ ਕਾਬੂ

Scroll to Top