ਪੰਜਾਬ, 06 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਇੱਕ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਯੋਜਨਾ ਤਹਿਤ 3.79 ਲੱਖ ਮਰੀਜ਼ਾਂ ਨੂੰ ਪਹਿਲਾਂ ਹੀ 654 ਕਰੋੜ ਰੁਪਏ ਦੇ ਨਕਦੀ ਰਹਿਤ ਲਾਭ ਮਿਲ ਚੁੱਕੇ ਹਨ।
ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਪਰਿਵਾਰ ਲਈ ਗੁਣਵੱਤਾ ਵਾਲੀਆਂ ਅਤੇ ਕਿਫਾਇਤੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲਿਆ ਹੈ ਅਤੇ ਇਹ ਪੰਜਾਬ ਭਰ ਵਿੱਚ ਯੂਨੀਵਰਸਲ ਸਿਹਤ ਸੰਭਾਲ ਕਵਰੇਜ ਵੱਲ ਇੱਕ ਇਨਕਲਾਬੀ ਕਦਮ ਵਜੋਂ ਉੱਭਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਜਾਰੀ ਕੀਤੇ ਗਏ ਹਨ, ਜਿਸ ਵਿੱਚ ਪੰਜਾਬ ਭਰ ਦੇ 23.01 ਲੱਖ ਪਰਿਵਾਰ ਸ਼ਾਮਲ ਹਨ। ਇਨ੍ਹਾਂ ਕਾਰਡਧਾਰਕਾਂ ਵਿੱਚੋਂ 48.5 ਪ੍ਰਤੀਸ਼ਤ ਪੁਰਸ਼ ਅਤੇ 51.5 ਪ੍ਰਤੀਸ਼ਤ ਔਰਤਾਂ ਹਨ। ਲਗਭਗ 31 ਪ੍ਰਤੀਸ਼ਤ ਕਾਰਡ ਸ਼ਹਿਰੀ ਖੇਤਰਾਂ ‘ਚ ਜਾਰੀ ਕੀਤੇ ਹਨ, ਜਦੋਂ ਕਿ 69 ਪ੍ਰਤੀਸ਼ਤ ਪੇਂਡੂ ਖੇਤਰਾਂ ‘ਚ ਜਾਰੀ ਕੀਤੇ ਗਏ ਹਨ।”
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਯੋਜਨਾ ਨੂੰ ਹੋਰ ਵੀ ਪਹੁੰਚਯੋਗ ਅਤੇ ਉਪਭੋਗਤਾ-ਅਨੁਕੂਲ ਬਣਾਉਣ ਲਈ ਲਗਾਤਾਰ ਸੁਧਾਰ ਕਰ ਰਹੀ ਹੈ। ਉਨ੍ਹਾਂ ਕਿਹਾ, “ਲੋਕਾਂ ਨੂੰ ਸਿਹਤ ਕਾਰਡ ਡਾਊਨਲੋਡ ਕਰਨ ‘ਚ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ, ਇੱਕ ਸਮਰਪਿਤ ਵਟਸਐਪ-ਅਧਾਰਤ ਸਹੂਲਤ ਅਤੇ ਇੱਕ ਵੈੱਬਸਾਈਟ ਪੇਜ ਬਣਾਇਆ ਜਾ ਰਿਹਾ ਹੈ ਤਾਂ ਜੋ ਲਾਭਪਾਤਰੀਆਂ ਆਪਣੇ ਈ-ਕਾਰਡ ਆਸਾਨੀ ਨਾਲ ਡਾਊਨਲੋਡ ਕਰ ਸਕਣ। ਇਸੇ ਤਰ੍ਹਾਂ, ਇੱਕ ਨਵੀਂ ਮੋਬਾਈਲ ਐਪ-ਅਧਾਰਤ ਰਜਿਸਟ੍ਰੇਸ਼ਨ ਪ੍ਰਣਾਲੀ ‘ਤੇ ਵੀ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਪੂਰਾ ਹੋ ਜਾਵੇਗਾ।”
ਇਸ ਯੋਜਨਾ ਤਹਿਤ ਦਿੱਤੇ ਜਾਣ ਵਾਲੇ ਇਲਾਜ ਬਾਰੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਣ ਤੱਕ, 3.79 ਲੱਖ ਮਰੀਜ਼ਾਂ ਨੇ ਇਸ ਯੋਜਨਾ ਤਹਿਤ ਸਰਕਾਰੀ ਅਤੇ ਨਿੱਜੀ ਦੋਵਾਂ ਹਸਪਤਾਲਾਂ ‘ਚ 654 ਕਰੋੜ ਰੁਪਏ ਦਾ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਤਹਿਤ 835 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਹੈ, ਜਿਨ੍ਹਾਂ ‘ਚ 223 ਸਰਕਾਰੀ ਹਸਪਤਾਲ ਅਤੇ 612 ਨਿੱਜੀ ਹਸਪਤਾਲ ਸ਼ਾਮਲ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਲਾਭਪਾਤਰੀਆਂ ਨੂੰ ਰਾਜ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ ਹੋਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ। ਇਸ ਪ੍ਰਮੁੱਖ ਯੋਜਨਾ ਦੇ ਤਹਿਤ, ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਾਪਤ ਕਰਨ ਦਾ ਹੱਕਦਾਰ ਹੈ।”
ਇਸ ਯੋਜਨਾ ਨੂੰ ਸੂਬੇ ਵਿੱਚ ਸਿਹਤ ਸੰਭਾਲ ਵਿੱਚ ਇੱਕ ਨਵਾਂ ਮੀਲ ਪੱਥਰ ਦੱਸਦਿਆਂ, ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ ਕਿਉਂਕਿ ਪਹਿਲਾਂ ਉਨ੍ਹਾਂ ਨੂੰ ਡਾਕਟਰੀ ਇਲਾਜ ‘ਤੇ ਵੱਡੀ ਰਕਮ ਖਰਚ ਕਰਨੀ ਪੈਂਦੀ ਸੀ। ਪਰ ਇਹ ਯੋਜਨਾ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਪਰਿਵਾਰ ਵਿੱਤੀ ਤੰਗੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ।” ਮੀਟਿੰਗ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Read More: ਪੰਜਾਬ ਸਰਕਾਰ ਦਾ ਈ-ਰਿਕਸ਼ਾ ਅਭਿਆਨ 3440 ਪਿੰਡਾਂ ਤੱਕ ਪਹੁੰਚਿਆ, ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਮਜ਼ਬੂਤੀ




