Site icon TheUnmute.com

ਝੋਨਾ ਖਰੀਦ ਅਦਾਇਗੀ ਦੇ 39 ਹਜ਼ਾਰ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਜਮ੍ਹਾਂ ਕਰਵਾਏ: ਲਾਲ ਚੰਦ ਕਟਾਰੂਚੱਕ

Paddy

ਚੰਡੀਗੜ੍ਹ, 3 ਦਸੰਬਰ 2024: ਪੰਜਾਬ ਦੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ (Paddy) ਦੀ ਖਰੀਦ ਸੀਜ਼ਨ ਦੌਰਾਨ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਲਈ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਅਤੇ ਸਟਾਫ਼ ਨੇ ਸਖ਼ਤ ਮਿਹਨਤ ਕੀਤੀ ਹੈ |

ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨਾਲ ਬੈਠਕ ਦੀ ਪ੍ਰਧਾਨਗੀ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਟਾਰੂਚੱਕ ਨੇ ਕਿਹਾ ਕਿ ਝੋਨੇ (Paddy) ਦੀ ਖਰੀਦ ਦਾ ਸੀਜ਼ਨ ਹੁਣ ਲਗਭਗ ਸਮਾਪਤ ਹੋ ਚੁੱਕਾ ਹੈ। ਪੰਜਾਬ ਸਰਕਾਰ ਨੇ ਕੁੱਲ 173.65 ਲੱਖ ਮੀਟ੍ਰਿਕ ਟਨ ਝੋਨੇ ‘ਚੋਂ 173.50 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਖਾਤਿਆਂ ‘ਚ 39,000 ਕਰੋੜ ਰੁਪਏ ਜਮ੍ਹਾ ਹੋ ਚੁੱਕੇ ਹਨ। ਇਸਦੇ ਨਾਲ ਹੀ ਪਠਾਨਕੋਟ, ਮੋਹਾਲੀ ਅਤੇ ਰੂਪਨਗਰ ਜ਼ਿਲ੍ਹਿਆਂ ‘ਚ ਵੀ ਮਿਲਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਭੰਡਾਰਨ ਸਮਰੱਥਾ ਦੇ ਮੁੱਦੇ ‘ਤੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਵਾਧੂ ਭੰਡਾਰਨ ਸਮਰੱਥਾ ਪ੍ਰਦਾਨ ਕਰਨ ‘ਚ ਮਦਦ ਕਰੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਹਰ ਮਹੀਨੇ 15 ਲੱਖ ਮੀਟ੍ਰਿਕ ਟਨ ਚੌਲ ਸੂਬੇ ਤੋਂ ਬਾਹਰ ਭੇਜਿਆ ਜਾ ਰਿਹਾ ਹੈ।

ਕਟਾਰੂਚੱਕ ਨੇ ਇਹ ਵੀ ਦੱਸਿਆ ਕਿ ਵਰਤਮਾਨ ‘ਚ ਰਾਸ਼ਨ ਕਾਰਡ ਵੈਰੀਫਿਕੇਸ਼ਨ ਦੇ ਸਬੰਧ ਵਿੱਚ ਇੱਕ ਈ-ਕੇਵਾਈਸੀ ਸਰਵੇਖਣ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੱਲ 1.57 ਕਰੋੜ ਲਾਭਪਾਤਰੀਆਂ ‘ਚੋਂ 1.06 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਬਾਕੀ ਲਾਭਪਾਤਰੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ, ਤਾਂ ਜੋ ਕੋਈ ਵੀ ਲੋੜਵੰਦ ਲਾਭਪਾਤਰੀ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 5 ਕਿਲੋ ਕਣਕ ਪ੍ਰਾਪਤ ਕਰਨ ਦੇ ਲਾਭ ਤੋਂ ਵਾਂਝਾ ਨਾ ਰਹੇ।

 

Exit mobile version