ਚੰਡੀਗੜ੍ਹ, 31 ਅਗਸਤ 2026: ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਕਿ ਕੋਈ ਵੀ ਹੋਣਹਾਰ ਬੱਚਾ ਵਿੱਤੀ ਤੰਗੀਆਂ ਕਾਰਨ ਆਪਣੀ ਸਿੱਖਿਆ ਤੋਂ ਵਾਂਝਾ ਨਾ ਰਹੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਓਬੀਸੀ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ, ਵਿੱਤੀ ਸਾਲ 2025-26 ਦੌਰਾਨ 14,320 ਵਿਦਿਆਰਥੀਆਂ ਨੂੰ 5.72 ਕਰੋੜ ਰੁਪਏ ਦੀ ਸਕਾਲਰਸ਼ਿਪ ਸਹਾਇਤਾ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਵਿੱਤੀ ਬੋਝ ਤੋਂ ਰਾਹਤ ਦਿੱਤੀ ਹੈ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਯੋਗ ਬਣਾਇਆ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ 25,000 ਓਬੀਸੀ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ ਵਿੱਤੀ ਸਾਲ 2026-27 ਲਈ 10 ਕਰੋੜ ਰੁਪਏ ਦੀ ਰਕਮ ਪ੍ਰਸਤਾਵਿਤ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹੋਰ ਲੋੜਵੰਦ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋੜੀਂਦੀ ਵਿੱਤੀ ਸਹਾਇਤਾ ਮਿਲੇਗੀ।
ਸਕੀਮ ਦੇ ਸਮੁੱਚੇ ਪ੍ਰਭਾਵ ਦਾ ਹਵਾਲਾ ਦਿੰਦੇ ਹੋਏ, ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਕੁੱਲ 39,320 ਓਬੀਸੀ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ 15.72 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਸੂਬਾ ਸਰਕਾਰ ਦੇ ਇਸ ਦ੍ਰਿੜ ਇਰਾਦੇ ਦਾ ਪ੍ਰਤੀਕ ਹੈ ਕਿ ਹਰੇਕ ਯੋਗ ਵਿਦਿਆਰਥੀ ਨੂੰ ਬਿਨਾਂ ਕਿਸੇ ਵਿੱਤੀ ਰੁਕਾਵਟ ਦੇ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮਿਲੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਸਮਾਜਿਕ ਤਬਦੀਲੀ ਅਤੇ ਸਸ਼ਕਤੀਕਰਨ ਲਈ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਕਿਹਾ ਕਿ ਜਦੋਂ ਬੱਚਿਆਂ ਨੂੰ ਪੜ੍ਹਾਈ ਦੇ ਬਰਾਬਰ ਮੌਕੇ ਮਿਲਦੇ ਹਨ, ਤਾਂ ਨਾ ਸਿਰਫ਼ ਉਨ੍ਹਾਂ ਦਾ ਭਵਿੱਖ ਉੱਜਵਲ ਹੁੰਦਾ ਹੈ, ਸਗੋਂ ਇਹ ਪਰਿਵਾਰ, ਸਮਾਜ ਅਤੇ ਰਾਜ ਦੀ ਤਰੱਕੀ ਨੂੰ ਇੱਕ ਨਵੀਂ ਦਿਸ਼ਾ ਵੀ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਅਤੇ ਪਾਰਦਰਸ਼ੀ ਨੀਤੀਆਂ ਲਾਗੂ ਕਰ ਰਹੀ ਹੈ।
Read More: CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਵੱਲੋਂ ਸ੍ਰੀ ਸ੍ਰੀ ਰਵੀ ਸ਼ੰਕਰ ਦੇ ਆਸ਼ਰਮ ਦਾ ਦੌਰਾ




