ਸ੍ਰੀ ਆਨੰਦਪੁਰ ਸਾਹਿਬ, 06 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ‘ਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਪਵਿੱਤਰ ਧਰਤੀ ਉੱਤੇ ਖ਼ਾਲਸਾ ਪੰਥ ਪ੍ਰਗਟ ਹੋਇਆ ਸੀ, ਉਸ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ ਹੈ। ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਪਵਿੱਤਰ ਜ਼ਿੰਮੇਵਾਰੀ ਸਾਨੂੰ ਬਖ਼ਸ਼ਣ ਲਈ ਗੁਰੂ ਸਾਹਿਬ ਦੇ ਚਰਨਾਂ ‘ਚ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ‘ਸਰਬੱਤ ਦੇ ਭਲਾ’ ਲਈ ਅਰਦਾਸਾਂ ਜਾਰੀ ਰਹਿਣਗੀਆਂ।”
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ, ਜੋ ਭਵਿੱਖ ‘ਚ ਬੇਅਦਬੀ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ ‘ਚ ਮੱਦਦਗਾਰ ਹੋਵੇਗਾ।”
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨਾ ਹੈ। ਉਨ੍ਹਾਂ ਕਿਹਾ ਕਿ ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਪਵਿੱਤਰਤਾ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਕਰਾਨਾ ਯਾਤਰਾ ਬਾਰੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਬਾਅਦ ਉਹ 9 ਮਈ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ ।
ਉਨ੍ਹਾਂ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਲੰਬੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹੇ ਕਾਨੂੰਨ ਦੀ ਮੰਗ ਕਰ ਰਹੇ ਸਨ। ਮਾਨ ਨੇ ਕਿਹਾ, “ਇਸ ਐਕਟ ਦਾ ਇੱਕੋ-ਇੱਕ ਉਦੇਸ਼ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਲੋਕਾਂ ਦੀਆਂ ਅਸ਼ਾਂਤ ਹੋਈਆਂ ਭਾਵਨਾਵਾਂ ਨੂੰ ਸ਼ਾਂਤ ਕਰਨਾ ਹੈ। ਇਸ ਕਾਨੂੰਨ ਪਿੱਛੇ ਕੋਈ ਵੀ ਸਿਆਸੀ ਮੰਤਵ ਨਹੀਂ ਹੈ।”
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਪਹਿਲਕਦਮੀ ਲਈ ਸਾਡਾ ਧੰਨਵਾਦ ਕਰਨ ਲਈ ਰੋਜ਼ਾਨਾ ਫੋਨ ਕਰ ਰਹੇ ਹਨ ਪਰ ਉਨ੍ਹਾਂ ਕਿਹਾ ਕਿ ਕੁਝ ਵਿਅਕਤੀ ਇਸ ਐਕਟ ਦਾ ਵਿਰੋਧ ਸਿਰਫ਼ ਇਸ ਲਈ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਰਾਜਨੀਤਿਕ ਆਕਾ ਨਾਖ਼ੁਸ਼ ਹਨ।
ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਾਬਕਾ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨਾਲ ਮਿਲ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਦੇਣ ਦੇ ਮਾਮਲੇ ਦੀ ਸਦਨ ਚ ਸਫ਼ਲਤਾਪੂਰਵਕ ਪੈਰਵੀ ਕੀਤੀ ਸੀ।” ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਉਸ ਸਮੇਂ ਨੂੰ ਸੋਗ ਦੇ ਮਹੀਨੇ ਵਜੋਂ ਮਨਾਉਂਦਾ ਹੈ ਕਿਉਂਕਿ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਾਲਮ ਸ਼ਾਸਕਾਂ ਨੇ ਜ਼ਿੰਦਾ ਨੀਂਹਾਂ ਚ ਚਿਣ ਦਿੱਤਾ ਸੀ। ਮੇਰੇ ਤੋਂ ਪਹਿਲਾਂ 190 ਤੋਂ ਵੱਧ ਸੰਸਦ ਮੈਂਬਰਾਂ ਨੇ ਪੰਜਾਬ ਦੀ ਨੁਮਾਇੰਦਗੀ ਕੀਤੀ ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਸੰਸਦ ਵਿੱਚ ਇਹ ਮੁੱਦਾ ਨਹੀਂ ਚੁੱਕਿਆ।”
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਅੱਤਿਆਚਾਰ, ਬੇਇਨਸਾਫ਼ੀ ਤੇ ਦਮਨ ਵਿਰੁੱਧ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਸ੍ਰੀ ਆਨੰਦਪੁਰ ਸਾਹਿਬ ਦੀ ਇਤਿਹਾਸਕ ਮਹੱਤਤਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਇਸ ਪਵਿੱਤਰ ਧਰਤੀ ਉੱਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖ਼ਾਲਸਾ ਪੰਥ ਪ੍ਰਗਟ ਕੀਤਾ ਸੀ, ਜੋ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਘਟਨਾ ਸੀ। ਇਸੇ ਦਿਨ ਸਾਡੀ ਸਰਕਾਰ ਨੇ ਬੇਅਦਬੀ ਵਿਰੁੱਧ ਇਤਿਹਾਸਕ ਕਾਨੂੰਨ ਪਾਸ ਕੀਤਾ ਹੈ।”
ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੱਦਿਆ ਗਿਆ। ਜਦੋਂ ਪੰਜਾਬ ਵਿਧਾਨ ਸਭਾ ਗੁਰੂ ਸਾਹਿਬ ਦੇ ਚਰਨਾਂ ‘ਚ ਨਤਮਸਤਕ ਹੋਈ। ਇਸ ਵਿਸ਼ੇਸ਼ ਇਜਲਾਸ ਦੌਰਾਨ ਵਿਧਾਨ ਸਭਾ ਨੇ ਅੰਮ੍ਰਿਤਸਰ, ਤਲਵੰਡੀ ਸਾਬੋ ਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ।”
ਪੰਜਾਬ ਵਿੱਚ ਸਿੱਖੀ ਦੇ ਰੂਹਾਨੀ ਮਹੱਤਵ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤਾਂ ‘ਚੋਂ ਤਿੰਨ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਪੰਜਾਬ ‘ਚ ਪੈਂਦੇ ਹਨ। ਇਨ੍ਹਾਂ ਸ਼ਹਿਰਾਂ ਦੇ ਸਮੁੱਚੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।”




