Tarn Taran News

ਸਰਹੱਦ ਪਾਰ ਤਸਕਰੀ ਨੈੱਟਵਰਕਾਂ ਨਾਲ ਜੁੜੇ 4 ਵਿਅਕਤੀ ਹੈਰੋਇਨ ਤੇ ਪਿਸਤੌਲਾਂ ਸਮੇਤ ਕਾਬੂ: ਅੰਮ੍ਰਿਤਸਰ ਪੁਲਿਸ

ਚੰਡੀਗੜ੍ਹ/ਅੰਮ੍ਰਿਤਸਰ, 02 ਅਕਤੂਬਰ 2026: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਅਤੇ 10 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਰਾਜਨਪ੍ਰੀਤ ਸਿੰਘ, ਵਿਜੇ, ਪਾਰਸਦੀਪ ਸਿੰਘ ਉਰਫ਼ ਬਿੱਲਾ ਅਤੇ ਗੁਰਮੁਖ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਹਨ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖਰੀਦੋ-ਫਰੋਖਤ ‘ਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਪਿੱਛੇ ਅਤੇ ਅੱਗੇ ਜੁੜੀਆਂ ਕੜੀਆਂ (ਬੈਕਵਰਡ ਅਤੇ ਫਾਰਵਰਡ ਲਿੰਕੇਜ) ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਬਾਰੇ ਵੇਰਵੇ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੀ ਕਾਰਵਾਈ ‘ਚ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਬਾਰੇ ਖਾਸ ਸੂਚਨਾ ‘ਤੇ ਕਾਰਵਾਈ ਕਰਦਿਆਂ, ਥਾਣਾ ਘਰਿੰਡਾ ਦੀ ਪੁਲਿਸ ਟੀਮ ਨੇ ਰਾਜਨਪ੍ਰੀਤ ਸਿੰਘ ਅਤੇ ਵਿਜੇ ਨੂੰ ਰੋਕ ਕੇ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ 10 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ।

ਆਈਜੀਪੀ ਨੇ ਦੱਸਿਆ ਕਿ ਦੂਜੀ ਕਾਰਵਾਈ ‘ਚ ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕ ਬਾਰੇ ਠੋਸ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਥਾਣਾ ਘਰਿੰਡਾ ਦੀਆਂ ਟੀਮਾਂ ਨੇ ਪਾਰਸਦੀਪ ਸਿੰਘ ਉਰਫ਼ ਬਿੱਲਾ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਰਸਦੀਪ ਨਸ਼ਾ ਤਸਕਰੀ ਲਈ ਬਦਨਾਮ ਹੈ ਅਤੇ ਇਸ ਖੇਤਰ ਵਿੱਚ ਨਸ਼ਾ ਤਸਕਰੀ ਦਾ ਇੱਕ ਨੈੱਟਵਰਕ (ਕਾਰਟੈਲ) ਚਲਾ ਰਿਹਾ ਸੀ।

ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ—ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 422 (ਮਿਤੀ 27.09.2026) ਅਤੇ ਐਨ.ਡੀ.ਪੀ.ਐਸ. (NDPS) ਐਕਟ ਦੀ ਧਾਰਾ 21 ਤਹਿਤ ਐਫ.ਆਈ.ਆਰ. ਨੰਬਰ 423 (ਮਿਤੀ 28.09.2026)। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

Read More: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ

ਵਿਦੇਸ਼

Scroll to Top