ਪੰਜਾਬ

ਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 417.26 ਕਰੋੜ ਦੀਆਂ ਵਸਤਾਂ ਕੀਤੀਆਂ ਜ਼ਬਤ

ਚੰਡੀਗੜ੍ਹ 13 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 12 ਫਰਵਰੀ, 2022 ਤੱਕ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ‘ਚੋਂ 417.26 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ ਕੀਤੀਆਂ । ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ: ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 28.95 ਕਰੋੜ ਰੁਪਏ ਦੀ 48.30 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗ ਨੇ 319.94 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਅਤੇ 29.26 ਕਰੋੜ ਰੁਪਏ ਦੀ ਅਣਦੱਸੀ ਨਕਦੀ ਜ਼ਬਤ ਕੀਤੀ ਹੈ।

ਇਸ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1360 ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ, 4,290 ਵਿਅਕਤੀਆਂ ਦੀ ਪਛਾਣ ਗੜਬੜ ਦੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 3744 ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ ਬਾਕੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3132 ਮਾਮਲਿਆਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ‘ਚ 25914 ਰੋਡ ਬਲਾਕ ਬਣਾਏ ਗਏ ਹਨ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬੇ ਵਿੱਚ ਹੁਣ ਤੱਕ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 3,79,520 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ 125 ਗੈਰ-ਲਾਇਸੈਂਸੀ ਹਥਿਆਰ ਜ਼ਬਤ ਕੀਤੇ ਗਏ ਹਨ।

Scroll to Top