ਚੰਡੀਗੜ੍ਹ, 16 ਜੁਲਾਈ 2025: ਪੰਜਾਬ ਸਰਕਾਰ ਸੂਬੇ ਭਰ ‘ਚ 44 ਹੋਰ ਸੇਵਾ ਕੇਂਦਰਾਂ ਨੂੰ ਕਾਰਜਸ਼ੀਲ ਬਣਾ ਕੇ ਪ੍ਰਸ਼ਾਸਕੀ ਸੇਵਾ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ। ਇਸ ਸੰਬੰਧੀ ਪੰਜਾਬ ਦੇ ਕੁਸ਼ਲ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਵਿਸਥਾਰ ਤਹਿਤ 16 ਨਵੇਂ ਸੇਵਾ ਕੇਂਦਰ ਖੋਲ੍ਹੇ ਜਾਣਗੇ ਅਤੇ ਪਹਿਲਾਂ ਬੰਦ ਕੀਤੇ 28 ਸੇਵਾ ਕੇਂਦਰਾਂ ਨੂੰ ਦੁਬਾਰਾ ਖੋਲ੍ਹਿਆ ਜਾਵੇਗਾ। ਇਸ ਤੋਂ ਇਲਾਵਾ, ਪੰਜਾਬ ਦੇ 6 ਸੇਵਾ ਕੇਂਦਰਾਂ ‘ਚ ਕਾਊਂਟਰਾਂ ਦੀ ਗਿਣਤੀ ਵੀ ਵਧਾਈ ਜਾ ਰਹੀ ਹੈ।
ਅੱਜ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (PSEGS) ਦੇ ਬੋਰਡ ਆਫ਼ ਗਵਰਨਰਜ਼ ਦੀ 22ਵੀਂ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਲਗਭਗ 4.10 ਕਰੋੜ ਰੁਪਏ ਦੀ ਲਾਗਤ ਨਾਲ 16 ਨਵੇਂ ਸੇਵਾ ਕੇਂਦਰ ਬਣਾਏ ਜਾਣਗੇ, ਜਦੋਂ ਕਿ 1.54 ਕਰੋੜ ਰੁਪਏ ਦੀ ਲਾਗਤ ਨਾਲ 28 ਸੇਵਾ ਕੇਂਦਰਾਂ ਨੂੰ ਮੁੜ ਕਾਰਜਸ਼ੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸਥਾਰ ਦਾ ਮਕਸਦ ਸੇਵਾ ਕੇਂਦਰਾਂ ਰਾਹੀਂ ਈ-ਗਵਰਨੈਂਸ ਅਤੇ ਨਾਗਰਿਕ ਸੇਵਾਵਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣਾ ਹੈ ਜੋ ਨਾਗਰਿਕਾਂ ਨੂੰ ਪਾਰਦਰਸ਼ੀ ਅਤੇ ਪਹੁੰਚਯੋਗ ਢੰਗ ਨਾਲ 500 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਦਾਨ ਕਰਦੇ ਹਨ।
ਕੁਸ਼ਲ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਜਨਤਕ ਸਹੂਲਤ ਨੂੰ ਵਧਾਉਣ ਦੇ ਉਦੇਸ਼ ਨਾਲ ਸੇਵਾ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ‘ਚ ਬਿਹਤਰ ਉਡੀਕ ਕਮਰੇ, ਬੈਠਣ ਦੀ ਵਿਵਸਥਾ, ਏਅਰ ਕੰਡੀਸ਼ਨਿੰਗ ਅਤੇ ਹੋਰ ਜ਼ਰੂਰੀ ਸਹੂਲਤਾਂ ਸ਼ਾਮਲ ਹਨ।
ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਸਾਰੇ ਮੌਜੂਦਾ ਸੇਵਾ ਕੇਂਦਰਾਂ ਦੀ ਵਿਆਪਕ ਸਮੀਖਿਆ ਕਰਨ ਅਤੇ ਉਨ੍ਹਾਂ ਦੀ ਭੂਗੋਲਿਕ ਸਥਿਤੀ, ਨਾਗਰਿਕਾਂ ਦੀ ਗਿਣਤੀ ਅਤੇ ਰਿਹਾਇਸ਼ੀ ਖੇਤਰਾਂ ਤੋਂ ਦੂਰੀ ਦਾ ਵਿਸ਼ਲੇਸ਼ਣ ਕਰਨ ਅਤੇ ਉਨ੍ਹਾਂ ਖੇਤਰਾਂ ‘ਚ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿੱਥੇ ਜ਼ਿਆਦਾ ਲੋੜ ਹੈ।
ਇਸ ਬੈਠਕ ਦੌਰਾਨ, ਸੇਵਾ ਕੇਂਦਰਾਂ ‘ਤੇ ਮਾਲ ਅਤੇ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਪ੍ਰਦਾਨ ਕਰਨ ਦੀ ਸ਼ੁਰੂਆਤ ਸਮੇਤ ਹੋਰ ਚੱਲ ਰਹੇ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ਗਈ। ਇਹ ਜ਼ਿਕਰਯੋਗ ਹੈ ਕਿ ਇਸ ਸਮੇਂ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਅਤੇ ਮਾਲ ਵਿਭਾਗ ਦੀਆਂ 7 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕੈਬਿਨਟ ਮੰਤਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਇਨ੍ਹਾਂ ਸੇਵਾਵਾਂ ਦੀ ਸਪਲਾਈ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਅਤੇ ਕੁਸ਼ਲ ਬਣਾਉਣ ਦੇ ਨਿਰਦੇਸ਼ ਦਿੱਤੇ।
Read More: ਪੰਜਾਬ ਦੇ ਸੇਵਾ ਕੇਂਦਰਾਂ ‘ਚ ਮਿਲਣਗੀਆਂ ਡਰਾਈਵਿੰਗ ਲਾਇਸੈਂਸ ਤੇ RC ਸੰਬੰਧੀ ਸੇਵਾਵਾਂ