ਚੰਡੀਗੜ੍ਹ, 10 ਅਪ੍ਰੈਲ 2023: ਉੱਤਰਾਖੰਡ ਦੀ ਹਲਦਵਾਨੀ ਜੇਲ੍ਹ ਵਿੱਚ 44 ਕੈਦੀ ਐਚਆਈਵੀ (HIV) ਪਾਜ਼ੇਟਿਵ ਪਾਏ ਗਏ ਹਨ। ਇਹ ਜਾਣਕਾਰੀ ਸੁਸ਼ੀਲਾ ਤਿਵਾੜੀ ਹਸਪਤਾਲ ਦੇ ਏਆਰਟੀ ਸੈਂਟਰ ਦੇ ਇੰਚਾਰਜ ਡਾ: ਪਰਮਜੀਤ ਸਿੰਘ ਨੇ ਦਿੱਤੀ ਹੈ | ਡਾ: ਪਰਮਜੀਤ ਸਿੰਘ ਨੇ ਦੱਸਿਆ ਕਿ ਹਲਦਵਾਨੀ ਜੇਲ੍ਹ ਵਿੱਚ 44 ਕੈਦੀ ਹਿਊਮਨ ਇਮਯੂਨੋਡਫੀਸ਼ੀਐਂਸੀ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਨ੍ਹਾਂ ਵਿੱਚ ਇੱਕ ਮਹਿਲਾ ਕੈਦੀ ਵੀ ਐੱਚਆਈਵੀ ਪਾਜ਼ੀਟਿਵ ਪਾਈ ਗਈ ਹੈ।
ਕੈਦੀਆਂ ਦੇ ਇਲਾਜ ਬਾਰੇ ਜਾਣਕਾਰੀ ਦਿੰਦਿਆਂ ਡਾ: ਪਰਮਜੀਤ ਨੇ ਦੱਸਿਆ ਕਿ ਐਚ.ਆਈ.ਵੀ ਦੇ ਮਰੀਜ਼ਾਂ ਲਈ ਏ.ਆਰ.ਟੀ.(ਐਂਟੀਰੇਟ੍ਰੋਵਾਇਰਲ ਥੈਰੇਪੀ) ਸੈਂਟਰ ਸਥਾਪਿਤ ਕੀਤਾ ਗਿਆ ਹੈ, ਜਿੱਥੇ ਸੰਕਰਮਿਤ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਟੀਮ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਲਗਾਤਾਰ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਐੱਚ.ਆਈ.ਵੀ. ਤੋਂ ਪੀੜਤ ਹਰੇਕ ਕੈਦੀ ਨੂੰ ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜੇਸ਼ਨ (ਨਾਕੋ) ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ‘ਤੇ ਮੁਫਤ ਇਲਾਜ ਅਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।
ਡਾ: ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ 1629 ਪੁਰਸ਼ ਅਤੇ 70 ਮਹਿਲਾ ਕੈਦੀ ਹਨ। ਇੰਨੀ ਵੱਡੀ ਗਿਣਤੀ ਵਿੱਚ ਕੈਦੀ ਐਚਆਈਵੀ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਵੀ ਕੈਦੀਆਂ ਦਾ ਰੁਟੀਨ ਚੈਕਅੱਪ ਕੀਤਾ ਜਾ ਰਿਹਾ ਹੈ। ਜੇਲ੍ਹ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਕੈਦੀ ਐਚਆਈਵੀ ਪਾਜ਼ੇਟਿਵ ਕਿਵੇਂ ਹੋ ਗਏ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ।