ਚੰਡੀਗੜ੍ਹ, 30 ਮਈ 2024: ਜ਼ਿਲ੍ਹਾ ਚੋਣ ਅਫ਼ਸਰ ਨੇ ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਵਿੱਚ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਵਾਲੇ ਫਤਿਹਗੜ੍ਹ ਚੂੜੀਆਂ (Fatehgarh Churian) ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ) ਸਮੇਤ 6 ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ ਅਫ਼ਸਰ/ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸੰਗਲ ਨੇ ਤੁਰੰਤ ਪ੍ਰਗਟ ਸਿੰਘ ਬੀ.ਡੀ.ਪੀ.ਓ., ਕੁਲਜਿੰਦਰ ਸਿੰਘ ਪਿੰਡ ਵਿਕਾਸ ਅਫ਼ਸਰ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੁਜ਼ਗਾਰ ਅਫ਼ਸਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ।
ਬੁਲਾਰੇ ਨੇ ਦੱਸਿਆ ਕਿ ਹਲਕਾ ਫਤਿਹਗੜ੍ਹ ਚੂੜੀਆਂ (Fatehgarh Churian) ਦੇ ਵਿਧਾਇਕ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਸਰਕਾਰੀ ਪਾਰਕ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਇਹ ਸ਼ਿਕਾਇਤ ਸੱਚੀ ਪਾਈ ਗਈ | ਇਸ ਸਬੰਧੀ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਬਲਬੀਰ ਸਿੰਘ ਪੰਨੂ ਨੂੰ ਨੋਟਿਸ ਜਾਰੀ ਕੀਤਾ ਗਿਆ।