ਚੰਡੀਗੜ੍ਹ, 14 ਸਤੰਬਰ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ ਤੋਂ 30 ਪਲਾਸਟਿਕ ਦੇ ਡਰੰਮਾਂ ਵਿੱਚ ਸਟੋਰ ਕੀਤਾ 6000 ਲੀਟਰ ਐਕਸਟ੍ਰਾ ਨਿਊਟਰਲ ਅਲਕੋਹਲ (ਈ.ਐਨ.ਏ) ਜ਼ਬਤ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਨੇ ਦੱਸਿਆ ਕਿ ਵਾਹਨ ਚਾਲਕ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ ਅਤੇ ਮੁੱਢਲੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ ਕਿ ਇਹ ਖੇਪ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਪਟਾਕਿਆਂ ਦੇ ਗੋਦਾਮ ‘ਚ ਪਹੁੰਚਾਉਣ ਲਈ ਸੀ | ਇਸ ਤੋਂ ਬਾਅਦ ਉਕਤ ਗੋਦਾਮ ‘ਤੇ ਛਾਪੇਮਾਰੀ ਕੀਤੀ ਗਈ ਅਤੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਇਸ ਟੀਮ ਦਾ ਹਿੱਸਾ ਸਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਦੀਆਂ ਟੀਮਾਂ ਦੀ ਸਮੇਂ ਸਿਰ ਕਾਰਵਾਈ ਨੇ ਇੱਕ ਵੱਡੀ ਸੰਭਾਵਿਤ ਤ੍ਰਾਸਦੀ ਨੂੰ ਰੋਕ ਦਿੱਤਾ ਹੈ ਕਿਉਂਕਿ ਈ.ਐਨ.ਏ. ਦੀ ਤਸਕਰੀ ਅਤੇ ਖਪਤ ਕਾਰਨ ਜ਼ਹਿਰੀਲੀ ਸ਼ਰਾਬ ਬਣਨ ਕਰਨ ਕਈ ਵਾਰ ਦੁਖਾਂਤ ਦਾ ਕਾਰਨ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫਆਈਆਰ ਨੰ. 285 ਮਿਤੀ 13.09.2023 ਨੂੰ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61.01.14 ਅਤੇ 78(2) ਅਧੀਨ ਥਾਣਾ ਰਾਜਪੁਰਾ ਵਿਖੇ ਦਰਜ ਕੀਤੀ ਗਈ ਹੈ।
ਆਬਕਾਰੀ ਅਤੇ ਕਰ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ ਨੂੰ ਨੱਥ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ/ਈਐਨਏ ਅਤੇ ਹੋਰ ਸ਼ਰਾਬ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ੋਰਦਾਰ ਢੰਗ ਨਾਲ ਮੁਹਿੰਮ ਜਾਰੀ ਹੈ, ਜਿਸ ਦੇ ਸਿੱਟੇ ਵਜੋਂ 1 ਅਪ੍ਰੈਲ, 2023 ਤੋਂ ਲੈ ਕੇ ਪਿਛਲੇ 5 ਮਹੀਨਿਆਂ ਵਿੱਚ ਲਗਭਗ 3156 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਐਫ.ਆਈ.ਆਰਜ਼ ਤਹਿਤ 3050 ਗ੍ਰਿਫਤਾਰੀਆਂ ਕੀਤੀਆਂ ਗਈਆਂ, 248938 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ, 151891 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ, 90168 ਲੀਟਰ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਐੱਸ.ਪੀ. ਜ਼ਬਤ, 125 ਵਰਕਿੰਗ ਸਟਿਲਾਂ (ਭੱਟੀਆਂ) ਦਾ ਪਤਾ ਲਗਾ ਕੇ ਨਸ਼ਟ ਕਰ ਦਿੱਤਾ ਗਿਆ ਹੈ।
ਵਿੱਤ ਮੰਤਰੀ (Harpal Singh Cheema) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੂੰ ਹਦਾਇਤ ਕੀਤੀ ਹੈ ਕਿ ਭਵਿੱਖ ਵਿੱਚ ਸ਼ਰਾਬ ਦੀ ਤਸਕਰੀ ਵਿਰੁੱਧ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।