ਆਂਧਰਾ ਪ੍ਰਦੇਸ਼, 01 ਨਵੰਬਰ 2025: ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਜ਼ਿਲ੍ਹੇ ਦੇ ਕਾਸ਼ੀਬੁੱਗਾ ‘ਚ ਸਥਿਤ ਵੈਂਕਟੇਸ਼ਵਰ ਸਵਾਮੀ ਮੰਦਰ ‘ਚ ਸ਼ਨੀਵਾਰ ਨੂੰ ਭਗਦੜ ਮਚਣ ਨਾਲ 7 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਭਗਦੜ ਏਕਾਦਸ਼ੀ ਦੇ ਮੌਕੇ ‘ਤੇ ਇਕੱਠੀ ਹੋਈ ਭਾਰੀ ਭੀੜ ਕਾਰਨ ਹੋਈ ਹੈ।
ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਏਕਾਦਸ਼ੀ ਲਈ ਵੈਂਕਟੇਸ਼ਵਰ ਸਵਾਮੀ ਮੰਦਰ ‘ਚ ਵੱਡੀ ਗਿਣਤੀ ‘ਚ ਸ਼ਰਧਾਲੂ ਇਕੱਠੇ ਹੋਏ ਸੀ। ਦੱਸਿਆ ਜਾ ਰਿਹਾ ਹੈ ਕਿ ਮੰਦਰ ਕੰਪਲੈਕਸ ਦੇ ਪ੍ਰਵੇਸ਼ ਦੁਆਰ ਦੇ ਨੇੜੇ ਅਚਾਨਕ ਸ਼ਰਧਾਲੂਆਂ ਦੀ ਗਿਣਤੀ ਵੱਧ ਗਈ, ਜਿਸ ਕਾਰਨ ਭਗਦੜ ਮਚ ਗਈ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਪਹੁੰਚੇ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।
ਕਾਸ਼ੀਬੁੱਗਾ ਸਬ-ਡਿਵੀਜ਼ਨ ਦੇ ਡੀਐਸਪੀ ਲਕਸ਼ਮਣ ਰਾਓ ਨੇ ਦੱਸਿਆ ਕਿ ਕਾਸ਼ੀਬੁੱਗਾ ਦੇ ਵੈਂਕਟੇਸ਼ਵਰ ਮੰਦਰ ‘ਚ ਸਵੇਰੇ ਲਗਭਗ 11:30 ਵਜੇ ਭਗਦੜ ਮਚ ਗਈ, ਜਿਸ ਕਾਰਨ 7 ਜਣਿਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੇ ਪੋਸਟ ਕੀਤਾ, “ਸ਼੍ਰੀਕਾਕੁਲਮ ਜ਼ਿਲ੍ਹੇ ਦੇ ਕਾਸ਼ੀਬੁੱਗਾ ‘ਚ ਵੈਂਕਟੇਸ਼ਵਰ ਮੰਦਰ ‘ਚ ਭਗਦੜ ਦੁਖਦਾਈ ਹੈ। ਇਸ ਦੁਖਦਾਈ ਘਟਨਾ ‘ਚ ਸ਼ਰਧਾਲੂਆਂ ਦੀ ਜਾਨ ਜਾਣ ਦਾ ਨੁਕਸਾਨ ਬਹੁਤ ਹੀ ਦਿਲ ਦਹਿਲਾ ਦੇਣ ਵਾਲਾ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।
ਮੈਂ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਤੁਰੰਤ ਅਤੇ ਸਹੀ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਮੈਂ ਸਥਾਨਕ ਅਧਿਕਾਰੀਆਂ ਅਤੇ ਜਨ ਪ੍ਰਤੀਨਿਧੀਆਂ ਨੂੰ ਘਟਨਾ ਸਥਾਨ ਦਾ ਦੌਰਾ ਕਰਨ ਅਤੇ ਰਾਹਤ ਕਾਰਜਾਂ ਦਾ ਨਿਰੀਖਣ ਕਰਨ ਦੀ ਬੇਨਤੀ ਕੀਤੀ ਹੈ।”
Read More: ਕਰੂਰ ਭਗਦੜ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਸੀਬੀਆਈ ਜਾਂਚ ਦੇ ਆਦੇਸ਼




