July 7, 2024 11:18 am
https://theunmute.com/

ਕਿਸਾਨਾਂ ਨੂੰ ਖਰੀਦੀ 49 ਲੱਖ ਮੀਟਰਕ ਟਨ ਕਣਕ ਬਦਲੇ 7300 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚੱਕ

ਫਗਵਾੜਾ, 21 ਅਪ੍ਰੈਲ 2023: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ ਵਿਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 49 ਲੱਖ ਮੀਟਰਕ ਟਨ ਕਣਕ ਦੀ ਖ੍ਰੀਦ ਕਰਨ ਦੇ ਨਾਲ-ਨਾਲ ਹੀ ਕਿਸਾਨਾਂ ਨੂੰ 7300 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਅੱਜ ਇੱਥੇ ਫਗਵਾੜਾ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਬੇਮੌਸਮੀ ਬਰਸਾਤ ਕਾਰਨ ਕਣਕ ਨੂੰ ਹੋਏ ਨੁਕਸਾਨ ਕਾਰਨ ਭਾਰਤੀ ਖੁਰਾਕ ਨਿਗਮ ਵਲੋਂ ਬਦਰੰਗ ਜਾਂ ਸੁੰਗੜੇ ਦਾਣਿਆਂ ਕਾਰਨ ਕੀਤੀ ਗਈ ਕੀਮਤ ਕਟੌਤੀ ਸਬੰਧੀ ਉਨ੍ਹਾਂ ਕਿਹਾ ਕਿ  ਕਿਸਾਨਾਂ ਉੱਪਰ ਇਸਦਾ ਕੋਈ ਅਸਰ ਨਹੀਂ  ਹੋਵੇਗਾ ਤੇ ਉਸਦੀ ਭਰਪਾਈ ਪੰਜਾਬ ਸਰਕਾਰ ਵਲੋਂ ਕੀਤੀ ਜਾਵੇਗੀ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਦਲੇਰਾਨਾ ਫੈਸਲਾ ਹੈ ।

ਉਨ੍ਹਾਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਕਿਸਾਨ ਨੂੰ ਫਸਲ ਦਾ ਘੱਟੋ -ਘੱਟ ਸਮਰਥਨ ਮੁੱਲ 2125 ਰੁਪੈ ਪ੍ਰਤੀ ਕੁਇੰਟਲ ਮਿਲਣਾ ਯਕੀਨੀ ਬਣਾਏਗੀ ।ਉਨ੍ਹਾਂ ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਕੋਲੋਂ ਕਪੂਰਥਲਾ ਜਿਲ੍ਹੇ ਵਿਚ ਚੱਲ ਰਹੀ ਖ੍ਰੀਦ ਵਿਵਸਥਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ, ਜਿੱਥੇ ਲਗਭਗ 3 ਲੱਖ ਮੀਟਰਕ ਟਨ ਕਣਕ ਦੀ ਖਰੀਦ ਦਾ ਟੀਚਾ ਹੈ। ਜਿਲ੍ਹੇ ਵਿਚ ਬੀਤੇ ਕੱਲ੍ਹ ਤੱਕ 129964 ਮੀਟਰਕ ਟਨ ਕਣਕ ਦੀ ਖਰੀਦ ਹੋ ਗਈ ਹੈ।

ਕਪੂਰਥਲਾ ਜਿਲ੍ਹੇ ਵਿਚ ਰੋਜ਼ਾਨਾ ਕਿਸਾਨਾਂ  ਨੂੰ ਲਗਭਗ 50 ਕਰੋੜ ਰੁਪੈ ਦੀ ਅਦਾਇਗੀ ਕੀਤੀ ਜਾ ਰਹੀ ਹੈ, ਅਤੇ ਬੀਤੇ ਕੱਲ੍ਹ ਤੱਕ 185.51 ਕਰੋੜ ਰੁਪੈ ਕਿਸਾਨਾਂ ਦੇ ਖਾਤਿਆਂ ਵਿਚ ਭੇਜੇ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਮਿੱਥੇ 48 ਘੰਟੇ ਦੇ ਸਮੇਂ ਤੋਂ ਵੀ ਪਹਿਲਾਂ ਕੀਤੀ ਜਾ ਰਹੀ ਹੈ, ਜਿਸ ਤਹਿਤ ਨਿਰਧਾਰਿਤ ਟੀਚੇ ਨਾਲੋਂ 16 ਫੀਸਦੀ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ ਤੇ ਕਿਹਾ ਕਿ ਲਿਫਟਿੰਗ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਕਿਸਾਨ ਕੁਲਦੀਪ ਸਿੰਘ ਦੀ ਕਣਕ ਦੀ ਢੇਰੀ ਦੀ ਖਰੀਦ ਵੀ ਕਰਵਾਈ । ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ । ਇਸ ਮੌਕੇ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਘਣਸ਼ਿਆਮ ਥੋਰੀ , ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਸਿੰਘ ਮਾਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸ਼ਮੀਰ ਸਿੰਘ, ਐਸ.ਡੀ.ਐਮ. ਡਾ. ਜੈਇੰਦਰ ਸਿੰਘ ਤੇ ਹੋਰ ਹਾਜ਼ਰ ਸਨ।