Punjab and Haryana High Court

8th international Yoga Day: ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਚੰਡੀਗੜ੍ਹ 21 ਜੂਨ 2022: (international Yoga Day) ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਮਾਣਯੋਗ ਚੀਫ਼ ਜਸਟਿਸ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਮਾਣਯੋਗ ਸੁਪਰੀਮ ਕੋਰਟ ਅਤੇ ਨਿਆਂ ਵਿਭਾਗ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਏ ਗਏ |

ਇਸ ਸਮਾਗਮ ਵਿੱਚ ਮਾਣਯੋਗ ਜੱਜ ਸਾਹਿਬਾਨ, ਐਡਵੋਕੇਟ ਜਨਰਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਉਤਸ਼ਾਹ ਨਾਲ ਵੱਖ-ਵੱਖ ਯੋਗ ਤੇ ਧਿਆਨ ਆਸਣ ਕੀਤੇ।

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਮਾਣਯੋਗ ਜੱਜ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਸਮਾਗਮ ‘ਚ ਸ਼ਮੂਲੀਅਤ ਕਰਨ ਵਾਲਿਆਂ ਨੂੰ ਯੋਗ ਦੇ ਫ਼ਾਇਦਿਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਯੋਗ ਪ੍ਰਾਚੀਨ ਭਾਰਤੀ ਪਰੰਪਰਾ ਦਾ ਅਨਮੋਲ ਤੋਹਫ਼ਾ ਹੈ ਅਤੇ ਇਹ ਸਰੀਰਕ ਵਿਕਾਸ ਅਤੇ ਮਾਨਸਿਕ ਆਰਾਮ ਵਿੱਚ ਸਹਾਈ ਹੋਣ ਦੇ ਨਾਲ-ਨਾਲ ਤਾਕਤ, ਲਚਕਤਾ ਅਤੇ ਰੋਗ-ਪ੍ਰਤੀਰੋਧਕ ਸਮਰੱਥਾ ਵਿੱਚ ਵਾਧਾ ਕਰਦਾ ਹੈ।

ਮਹਾਂਮਾਰੀ ਦੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਇਹ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ ਕਿਉਂਕਿ ਮਹਾਂਮਾਰੀ ਕਾਰਨ ਲੋਕ ਸਰੀਰਕ ਅਤੇ ਮਾਨਸਿਕ ਤਣਾਅ ਵਿੱਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਕਸਰਤ ਹੀ ਨਹੀਂ ਹੈ, ਸਗੋਂ ਖ਼ੁਦ ਨਾਲ ਅਤੇ ਸੰਸਾਰ ਤੇ ਕੁਦਰਤ ਨਾਲ ਇਕਮਿਕਤਾ ਦੀ ਭਾਵਨਾ ਨੂੰ ਖੋਜਣਾ ਹੈ।

ਜ਼ਿਕਰਯੋਗ ਹੈ ਕਿ ਹਰ ਸਾਲ 21 ਜੂਨ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾਣ ਵਾਲਾ ਅੰਤਰਰਾਸ਼ਟਰੀ ਯੋਗ ਦਿਵਸ ਇਸ ਸਾਲ ‘ਮਨੁੱਖਤਾ ਲਈ ਯੋਗ’ ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ ਤਾਂ ਕਿ ਯੋਗ ਦੀ ਮਹੱਤਤਾ ਅਤੇ ਸਰੀਰ ਤੇ ਮਨ ਨੂੰ ਤੰਦਰੁਸਤ ਰੱਖਣ ਲਈ ਇਸ ਦੇ ਫ਼ਾਇਦਿਆਂ ਨੂੰ ਉਜਾਗਰ ਕੀਤਾ ਜਾ ਸਕੇ।

Scroll to Top