ਸ਼ਹੀਦਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 23 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ।

ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤ ਨਾਲ ਇਤਿਹਾਸ ਦੀ ਸਾਂਝ ਕਰਦਿਆਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਪਿਆਰੇ ਸਿੱਖਾਂ ਦੀ ਸ਼ਹਾਦਤ ਦੁਨੀਆਂ ਦੇ ਇਤਿਹਾਸ ਅੰਦਰ ਹੱਕ, ਸੱਚ ਤੇ ਧਰਮ ਦੀ ਰਖਵਾਲੀ ਲਈ ਇਕ ਵਿਲੱਖਣ ਮਿਸਾਲ ਹੈ। ਉਨ੍ਹਾਂ ਕਿਹਾ ਕਿ ਚਮਕੌਰ ਦੀ ਜੰਗ ਵਿਚ ਗੁਰੂ ਦੇ 40 ਸਿੰਘਾਂ ਨੇ ਮੁਗਲਾਂ ਦੀ 10 ਲੱਖ ਫ਼ੌਜ ਦਾ ਮੁਕਾਬਲਾ ਕਰਕੇ ਲਾਸਾਨੀ ਇਤਿਹਾਸ ਸਿਰਜਿਆ।

ਉਨ੍ਹਾਂ ਸੰਗਤਾਂ ਨੂੰ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਬਾਣੀ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਢਾਡੀ ਤੇ ਕਵੀਸ਼ਰ ਜਥਿਆਂ ਵੱਲੋਂ ਵੀ ਸੰਗਤਾਂ ਨਾਲ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਸਾਂਝ ਪਾਈ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਬਿਕਰਮਜੀਤ ਸਿੰਘ ਝੰਗੀ ਆਦਿ ਹਾਜ਼ਰ ਸਨ।

Scroll to Top