ਚੰਡੀਗੜ੍ਹ, 06 ਜਨਵਰੀ 2024: ਪੰਜਾਬ ਵਿੱਚ ਸੀਤ ਲਹਿਰ (cold wave) ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਨੇ ਕੱਲ੍ਹ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਅੱਜ ਅੰਮ੍ਰਿਤਸਰ ਅਤੇ ਪੂਰਬੀ ਮਾਲਵੇ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਗਈ ਹੈ। ਇਹੀ ਹਾਲ ਜਲੰਧਰ ਤੇ ਆਸਪਾਸ ਦੇ ਜ਼ਿਲ੍ਹਿਆਂ ਦਾ ਹੈ। ਇਸ ਦੇ ਨਾਲ ਹੀ ਗੁਰਦਾਸਪੁਰ ‘ਚ ਘੱਟੋ-ਘੱਟ ਤਾਪਮਾਨ 5.2 ਡਿਗਰੀ ਦੇ ਨਾਲ ਪੰਜਾਬ, ਹਰਿਆਣਾ ਅਤੇ ਦਿੱਲੀ ਸਭ ਤੋਂ ਠੰਢਾ ਰਿਹਾ।
ਮੌਸਮ ਵਿਭਾਗ ਅਨੁਸਾਰ ਪੂਰਬੀ ਮਾਲਵੇ ਦੇ ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਸੰਗਰੂਰ ਵਿੱਚ ਅੱਧੀ ਰਾਤ ਤੋਂ ਹੀ ਸੰਘਣੀ ਧੁੰਦ ਛਾਈ ਹੋਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨ ਤਾਰਨ, ਪਠਾਨਕੋਟ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਇੱਥੇ ਵੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਅਤੇ ਇਹ 50 ਮੀਟਰ ਤੋਂ ਵੀ ਘੱਟ ਹੋ ਗਈ।