ਚੰਡੀਗੜ੍ਹ, 6 ਜਨਵਰੀ 2024: ਅਨਾਜ ਮੰਡੀ ਬਰਨਾਲਾ ਵਿੱਚ 18 ਕਿਸਾਨ (farmers) ਜਥੇਬੰਦੀਆਂ ਵੱਲੋਂ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ। ਕਿਸਾਨਾਂ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਖ਼ਿਲਾਫ਼ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਮੋਰਚੇ ਦੌਰਾਨ ਮੰਨੀਆਂ ਗਈਆਂ ਮੰਗਾਂ ਵੀ ਪੂਰੀਆਂ ਨਹੀਂ ਕੀਤੀਆਂ ਗਈਆਂ।
ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 13 ਫਰਵਰੀ ਨੂੰ ਲੱਖਾਂ ਕਿਸਾਨ ਹਜ਼ਾਰਾਂ ਟਰੈਕਟਰ-ਟਰਾਲੀਆਂ ਵਿੱਚ ਦਿੱਲੀ ਵੱਲ ਕੂਚ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਹੁਣ ਸਾਰਿਆਂ ਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸਮਾਂ ਆ ਗਿਆ ਹੈ। ਤਾਂ ਜੋ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਤੋਂ ਬਚਾਇਆ ਜਾ ਸਕੇ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕਾਰਪੋਰੇਟ ਘਰਾਣੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ। ਜੇਕਰ ਕਿਸੇ ‘ਤੇ 50,000 ਰੁਪਏ ਦਾ ਕਰਜ਼ਾ ਹੈ ਤਾਂ ਉਸ ਦੇ ਘਰ ਦੀ ਨਿਲਾਮੀ ਦੇ ਨੋਟਿਸ ਵੀ ਆ ਰਹੇ ਹਨ। ਜਦੋਂ ਕਿ ਸਰਕਾਰ ਵੱਲੋਂ ਅਰਬਾਂ-ਖਰਬਾਂ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਹੁਣ ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਾਰੇ ਲੋਕਾਂ ਨੂੰ ਇੱਕਜੁੱਟ ਹੋ ਕੇ ਲੜਨਾ ਪਵੇਗਾ।
ਕਿਸਾਨਾਂ (farmers) ਦਾ ਦੋਸ਼ ਹੈ ਕਿ ਕੇਂਦਰ ਉਨ੍ਹਾਂ ਦੀਆਂ ਮੰਗਾਂ ਸੁਣਨ ਨੂੰ ਤਿਆਰ ਨਹੀਂ ਹੈ। ਦਿੱਲੀ ਮੋਰਚੇ ਦੌਰਾਨ ਜੋ ਮੰਗਾਂ ਮੰਨੀਆਂ ਗਈਆਂ ਸਨ, ਉਨ੍ਹਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ।
ਕਿਸਾਨਾਂ ਦੀਆਂ ਮੰਗਾਂ :-
ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਬਣਾ ਕੇ ਡਾ: ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਕੀਮਤ ਹੋਣੀ ਚਾਹੀਦੀ ਹੈ।
ਲਖੀਮਪੁਰ ਖੇੜੀ ਕਤਲੇਆਮ ਦਾ ਇਨਸਾਫ਼ ਦਿੱਤਾ ਜਾਵੇ।
ਲਖੀਮਪੁਰ ਖੇੜੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ ਅਤੇ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਹਟਾਇਆ ਜਾਵੇ।
ਦਿੱਲੀ ਮੋਰਚੇ ‘ਤੇ ਕਿਸਾਨਾਂ ‘ਤੇ ਦਰਜ ਕੀਤੇ ਕੇਸ ਵਾਪਸ ਲਏ ਜਾਣ।
ਦਿੱਲੀ ਮੋਰਚੇ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣ।
ਕਿਸਾਨੀ ਅਤੇ ਖੇਤੀ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ।