ਚੰਡੀਗੜ੍ਹ, 08 ਜਨਵਰੀ 2024: ਇੰਡੀਆ ਗਠਜੋੜ (India Alliance) ਦੀ ਅੱਜ ਦਿੱਲੀ ਵਿਖੇ ਅਹਿਮ ਬੈਠਕ ਹੋਣ ਜਾ ਰਹੀ ਹੈ। ਜਿਸ ਵਿੱਚ ਦਿੱਲੀ ਅਤੇ ਪੰਜਾਬ ਵਿੱਚ ਕਾਂਗਰਸ ਦੀ ‘ਆਪ’ ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਹੋਣ ਜਾ ਰਹੀ ਹੈ। ਇੰਡੀਅਨ ਨੈਸ਼ਨਲ ਕਾਂਗਰਸ ਨੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ |
ਇਸ ਸਬੰਧੀ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀਆਂ ਬੈਠਕਾਂ ਦੌਰਾਨ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਵੀ ਗੱਲਬਾਤ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਤੋਂ ਸੁਝਾਅ ਵੀ ਲਏ ਜਾ ਸਕਦੇ ਹਨ। ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ (Devendra Yadav) ਅੱਜ ਤੋਂ ਪੰਜਾਬ ਦੌਰੇ ‘ਤੇ ਹਨ। ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਮੌਕਾ ਹੈ।
ਜਿਸ ‘ਚ ਦੋ ਮੁੱਖ ਮੁੱਦੇ ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਗਠਜੋੜ (India Alliance) ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਆਗੂਆਂ ਵਿਚਾਲੇ ਪੈਦਾ ਹੋਈ ਦਰਾਰ ਨੂੰ ਭਰਨਾ ਵੱਡੀ ਚੁਣੌਤੀ ਬਣ ਕੇ ਉਭਰੇਗਾ। ਦੇਵੇਂਦਰ ਯਾਦਵ (Devendra Yadav) 11 ਜਨਵਰੀ ਤੱਕ ਪੰਜਾਬ ਵਿੱਚ ਹਨ ਅਤੇ ਅਗਲੇ ਤਿੰਨ ਦਿਨਾਂ ਤੱਕ ਉਹ ਲਗਾਤਾਰ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ਵਿੱਚ ਬੈਠਕਾਂ ਕਰਨਗੇ।