Talwara project

ਤਲਵਾੜਾ ਪ੍ਰੋਜੈਕਟ ਪੂਰਾ ਹੋਣ ਨਾਲ ਕੰਢੀ ਖੇਤਰ ਦੇ ਪਿੰਡ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋਵੇਗੀ: ਬ੍ਰਮ ਸ਼ੰਕਰ ਜਿੰਪਾ

ਚੰਡੀਗੜ੍ਹ, 8 ਜਨਵਰੀ 2024: ਪੰਜਾਬ ਦੇ ਹਰੇਕ ਪਿੰਡ ‘ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਹਿਰੀ ਪਾਣੀ ‘ਤੇ ਆਧਾਰਤ ਤਲਵਾੜਾ ਜਲ ਸਪਲਾਈ ਯੋਜਨਾ (Talwara project) ਦਾ ਬੀਤੀ ਸ਼ਾਮ ਦੌਰਾ ਕੀਤਾ। ਇਸ ਪ੍ਰੋਜੈਕਟ ਰਾਹੀਂ ਤਲਵਾੜਾ, ਹਾਜੀਪੁਰ, ਭੂੰਗਾ ਅਤੇ ਦਸੂਹਾ ਬਲਾਕਾਂ ਦੇ 197 ਪਿੰਡਾਂ ਨੂੰ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਅਗਲੇ ਸਾਲ ਤੱਕ ਪੂਰਾ ਹੋਣ ਦੀ ਯੋਜਨਾ ਹੈ। ਜ਼ਿਕਰਯੋਗ ਹੈ ਕਿ ਇਸ ਪ੍ਰੋਜੈਕਟ ਰਾਹੀਂ ਸ਼ਾਹ ਨਹਿਰ ਬੈਰਾਜ ਤਲਵਾੜਾ ਤੋਂ ਕਰੀਬ 231 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾਣੀ ਹੈ।

ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ (Talwara project) ਦੀ ਕੁੱਲ ਲਾਗਤ 258.73 ਕਰੋੜ ਰੁਪਏ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ‘ਤੇ ਕੰਢੀ ਖੇਤਰ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਇਸ ਮੌਕੇ ਜਿੰਪਾ ਨੇ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਗਈ ਕਿ ਕੰਮ ਉੱਚ ਪੱਧਰੀ ਮਿਆਰ ਦਾ ਕੀਤਾ ਜਾਵੇ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਖਰਾਬ ਹੈ ਜਾਂ ਪੀਣਯੋਗ ਨਹੀਂ ਹੈ ਉਨ੍ਹਾਂ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਨਿਗਰਾਨ ਇੰਜੀਨੀਅਰ ਵਿਜੈ ਕੁਮਾਰ ਅਤੇ ਕਾਰਜਕਾਰੀ ਇੰਜੀਨੀਅਰ ਅਨੁਜ ਸ਼ਰਮਾ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Scroll to Top