ਨਵਾਂਸ਼ਹਿਰ, 26 ਜਨਵਰੀ 2024: ਪੰਜਾਬ ਦੇ ਖਣਨ ਤੇ ਭੂ-ਵਿਗਿਅਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਤਲੁਜ ਦਰਿਆ ਨਾਲ ਲਗਦੇ ਪਿੰਡ ਲਾਲੇਵਾਲ ਦਾ ਦੌਰਾ ਕੀਤਾ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਖੇਤਰ ਦੇ ਪੱਕੇ ਹੱਲ ਤੇ ਪਾਣੀ ਦੀ ਨਿਕਾਸੀ ਦੇ ਲਈ ਬਣਾਈ ਗਈ ਯੋਜਨਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਬਰਸਾਤ ਦੌਰਾਨ ਜ਼ਿਲ੍ਹੇ ਦਾ ਸਾਰਾ ਬਰਸਾਤੀ ਪਾਣੀ ਇਸ ਜਗ੍ਹਾ ਤੋਂ ਪਾਈਪਾਂ ਰਾਹੀਂ ਦਰਿਆ ਵਿੱਚ ਡਿੱਗਦਾ ਹੈ। ਪਾਣੀ ਦੀ ਮੁਕੰਮਲ ਨਿਕਾਸੀ ਲਈ ਇਨ੍ਹਾਂ ਪਾਈਪਾਂ ਨੂੰ ਹੋਰ ਚੌੜਾ ਅਤੇ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਈਪਾਂ ਛੋਟੀਆਂ ਹੋਣ ਕਰਕੇ ਬਰਸਾਤ ਦੌਰਾਨ ਪਾਣੀ ਇਸ ਜਗ੍ਹਾ ਇਕੱਠਾ ਹੋ ਜਾਂਦਾ ਹੈ। ਜਿਸ ਨਾਲ ਇਸ ਦੇ ਆਲੇ-ਦੁਆਲੇ ਦੇ ਪਿੰਡ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੁੰਦੇ ਹਨ।
ਉਨ੍ਹਾਂ ਡਿਪਟੀ ਕਮਿਸ਼ਨਰ ਨਾਲ ਇਸ ਸਬੰਧੀ ਵਿਸਥਾਰ ਨਾਲ ਚਰਚਾ ਕਰਦਿਆਂ ਆਦੇਸ਼ ਦਿੱਤਾ ਕਿ ਬਰਸਾਤੀ ਪਾਣੀ ਨੂੰ ਕੱਢਣ ਲਈ ਮਜ਼ਬੂਤ ਅਤੇ ਚੌੜੀਆਂ ਪਾਈਪਾਂ ਪਾਉਣ ਸਬੰਧੀ ਐਸਟੀਮੇਟ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਰਿਆ ਨਾਲ ਲੱਗਦੇ ਕਰੀਬ 40 ਕਿਲੋਮੀਟਰ ਇਸ ਬੰਨ੍ਹ ਨੂੰ ਹੋਰ ਮਜ਼ਬੂਤ ਕਰਕੇ ਇਸ ਉੱਪਰ ਸੜਕ ਬਣਾਏ ਜਾਣ ਦਾ ਵੀ ਪ੍ਰਸਤਾਵ ਹੈ। ਇਸ ਕੰਮ ਨੂੰ ਪੂਰਾ ਕਰਨ ਲਈ ਸਬੰਧਤ ਵਿਭਾਗ ਨੂੰ ਐਸਟੀਮੇਟ ਅਤੇ ਯੋਜਨਾ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਜਲਦ ਰੂਪ ਰੇਖਾ ਤਿਆਰ ਕਰਕੇ ਇਸ ਨੂੰ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਨਾਲ ਬਰਸਾਤੀ ਪਾਣੀ ਦੀ ਜ਼ਿਲ੍ਹੇ ਵਿਚੋਂ ਤੇਜ਼ੀ ਨਾਲ ਨਿਕਾਸੀ ਹੋ ਜਾਵੇਗੀ ਅਤੇ ਆਲੇ-ਦੁਆਲੇ ਦੇ ਪਿੰਡ ਵੀ ਪਾਣੀ ਨਾਲ ਪ੍ਰਭਾਵਿਤ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪਾਣੀ ਇਕੱਠਾ ਹੋਣ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਨ੍ਹਾਂ ਦੀ ਫਸਲ ਵੀ ਖਰਾਬ ਹੋ ਜਾਂਦੀ ਹੈ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ ਅਤੇ ਸੜਕ ਬਣਨ ਨਾਲ ਟੂਰਿਜਮ ਨੂੰ ਵੀ ਉਤਸ਼ਾਹ ਮਿਲੇਗਾ। ਇਸ ਮੌਕੇ ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।