ਨਵਾਂਸ਼ਹਿਰ 1 ਫ਼ਰਵਰੀ,2024: ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਅੰਤਰਿਮ ਬਜਟ (Budget) ਨੂੰ ਵਿਕਸਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਕਰਨ ਵਾਲਾ ਬਜਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੰਤਰਿਮ ਬਜਟ 2024-25 ਵਿੱਚ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਯਤਨ ਦੇ ਮੰਤਰ ਉੱਤੇ ਜ਼ੋਰ ਦਿੱਤਾ ਗਿਆ ਹੈ। ਇਸ ਬਜਟ ਵਿੱਚ ਨੌਜਵਾਨ ਭਾਰਤ ਦੀਆਂ ਖਾਹਿਸ਼ਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਗਰੀਬ ਅਤੇ ਮੱਧ ਵਰਗ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਉਨ੍ਹਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ।
ਡਾ. ਸੁਭਾਸ਼-ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣ ਦੇ ਵਾਅਦੇ ਦੇ ਆਧਾਰ ‘ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਇਹ ਬਜਟ (Budget) ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬਜਟ ਨਿਰਯਾਤ ਵਧਾਉਣ, ਉਦਯੋਗ ਅਤੇ ਕਾਰੋਬਾਰ ਨੂੰ ਤਰੱਕੀ ਦੇਣ ਅਤੇ ਨਵੀਆਂ ਨੌਕਰੀਆਂ ਪੈਦਾ ਕਰਨ ਵਾਲਾ ਹੈ।
ਬਜਟ ਵਿੱਚ ਬੁਨਿਆਦੀ ਢਾਂਚੇ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ ਅਤੇ ਯਕੀਨੀ ਤੌਰ ‘ਤੇ ਆਉਣ ਵਾਲੇ ਸਮੇਂ ਵਿੱਚ ਸਾਡੇ ਦੇਸ਼ ਵਿੱਚ ਬੁਨਿਆਦੀ ਢਾਂਚੇ ਨਾਲ ਸਬੰਧਤ ਚਾਰ ਵੱਡੇ ਖੇਤਰ – ਸੜਕਾਂ, ਰੇਲਵੇ, ਹਵਾਈ ਅੱਡਾ ਅਤੇ ਬਿਜਲੀ ਵਿਸ਼ਵ ਪੱਧਰੀ ਬਣ ਜਾਣਗੇ। ਸੁਭਾਸ਼-ਸ਼ਰਮਾ ਨੇ ਅੰਤਰਿਮ ਬਜਟ ਨੂੰ ਉਤਸ਼ਾਹਜਨਕ ਦੱਸਿਆ ਹੈ ਅਤੇ ਕਿਹਾ ਹੈ ਕਿ ਇਹ ਭਵਿੱਖ ਲਈ ਹੋਰ ਉਮੀਦਾਂ ਪੈਦਾ ਕਰਦਾ ਹੈ। ਇਸ ਅੰਤਰਿਮ ਬਜਟ ਵਿੱਚ ਭਾਰਤੀ ਅਰਥਵਿਵਸਥਾ ਦੇ ਮੌਜੂਦਾ ਆਕਾਰ ਦੇ ਸੰਕੇਤਾਂ ਨੂੰ ਦੇਖਦੇ ਹੋਏ, ਉਮੀਦ ਹੈ ਕਿ 2027 ਤੱਕ, ਭਾਰਤ ਦੀ ਆਰਥਿਕਤਾ 5 ਟ੍ਰਿਲੀਅਨ ਡਾਲਰ ਤੋਂ ਵੱਧ ਦੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਬਜਟ ਭਾਸ਼ਣ ਭਾਰਤ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਦੇ ਸਫ਼ਰ ਵਿੱਚ ਪਿਛਲੇ 10 ਸਾਲਾਂ ਵਿੱਚ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਾ ਹੈ।