BJP

ਸ਼ੁਭਕਰਨ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਹੋਵੇ ਸਖ਼ਤ ਕਾਰਵਾਈ: ਸੁਨੀਲ ਜਾਖੜ

ਚੰਡੀਗੜ੍ਹ, 23 ਫਰਵਰੀ 2024: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸਦੇ ਪਰਿਵਾਰ ਨਾਲ ਖੜ੍ਹਾ ਹੈ। ਸੁਨੀਲ ਜਾਖੜ ਨੇ ਸ਼ੁਭਕਰਨ ਦੀ ਮੌਤ ਲਈ ਜਿੰਮੇਵਾਰਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਸਚਾਈ ਸਭ ਦੇ ਸਾਹਮਣੇ ਲਿਆਂਦੀ ਜਾ ਸਕੇ |

ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ। ਦੋਵਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜਿੰਦਗੀ ਅਨਮੋਲ ਹੈ। ਜਿੱਥੇ ਸਰਕਾਰਾਂ ਅਤੇ ਸੁਰੱਖਿਆ ਬਲਾਂ ਨੂੰ ਸਾਂਤਮਈ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਸੰਜਮ ਅਤੇ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ, ਉੱਥੇ ਕਿਸਾਨ ਸੰਗਠਨਾਂ ਨੂੰ ਵੀ ਸਾਡੇ ਨੌਜਵਾਨਾਂ ਦੇ ਜਨੂੰਨ ਅਤੇ ਊਰਜਾ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦੇ ਆਗੂਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡੇ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ। ਸਾਰੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ ਅਤੇ ਦੋਵਾਂ ਧਿਰਾਂ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਅੱਗੇ ਵੱਧਣਾ ਚਾਹੀਦਾ ਹੈ।

Scroll to Top