ਚੰਡੀਗੜ੍ਹ 26 ਫਰਵਰੀ 2024: ਅੱਜ ਸੰਯੁਕਤ ਕਿਸਾਨ ਮੋਰਚਾ (SKM) ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ (Tractor march) ਕੱਢਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਅੱਜ ਐਸ.ਕੇ.ਐਮ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਵੱਲੋਂ ਪੰਜਾਬ ਵਿੱਚ ਵਿਸ਼ਵ ਵਪਾਰ ਸੰਗਠਨ (WTO) ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨ ਅੰਦੋਲਨ ਵਿੱਚ 21 ਫਰਵਰੀ ਨੂੰ ਵਾਪਰੀ ਘਟਨਾ ਤੋਂ ਬਾਅਦ ਹੀ ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬੈਠਕ ਵਿੱਚ ਇਸ ਟਰੈਕਟਰ ਮਾਰਚ ਦਾ ਐਲਾਨ ਕੀਤਾ ਸੀ।
ਸਾਰੀਆਂ ਕਿਸਾਨ ਜਥੇਬੰਦੀਆਂ ਖੇਤੀ ਨੂੰ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਰੱਖਣ ਦੀ ਮੰਗ ਕਰ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ 26 ਤੋਂ 29 ਫਰਵਰੀ ਨੂੰ ਆਬੂ ਧਾਬੀ ਵਿੱਚ ਹੋਣ ਵਾਲੀ ਵਿਸ਼ਵ ਵਪਾਰ ਸੰਸਥਾ (WTO) ਦੀ 13ਵੀਂ ਮੰਤਰੀ ਪੱਧਰੀ ਕਾਨਫਰੰਸ ਵਿੱਚ ਖੇਤੀ ਨੂੰ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਰੱਖਣ ਲਈ ਵਿਕਸਤ ਦੇਸ਼ਾਂ ਉੱਤੇ ਦਬਾਅ ਪਾਇਆ ਜਾਵੇ। ਭਾਰਤ ਦੀ ਖੁਰਾਕ ਸੁਰੱਖਿਆ ਅਤੇ ਕੀਮਤ ਸਮਰਥਨ ਪ੍ਰੋਗਰਾਮ ਵਿਸ਼ਵ ਵਪਾਰ ਸੰਗਠਨ ਵਿੱਚ ਵਾਰ-ਵਾਰ ਵਿਵਾਦਾਂ ਦਾ ਵਿਸ਼ਾ ਰਹੇ ਹਨ।