ਚੰਡੀਗੜ੍ਹ, 27 ਫਰਵਰੀ 2024: ਪੰਜਾਬ ਕਾਂਗਰਸ (Punjab Congress) ਕਿਸਾਨ ਅੰਦੋਲਨ ਦੇ ਹੱਕ ਵਿੱਚ ਨਿੱਤਰ ਆਈ ਹੈ। ਕਾਂਗਰਸ ਵੱਲੋਂ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਬਚਾਓ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਲਈ ਮੈਡੀਕਲ ਕੈਂਪ ਅਤੇ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ। ਇਹ ਪ੍ਰੋਗਰਾਮ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਵੇਗਾ।
ਕਾਂਗਰਸ (Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਨਾਗਰਿਕ ਹੋਣ ਦੇ ਨਾਤੇ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਖੜੇ। ਉਨ੍ਹਾਂ ਦੱਸਿਆ ਕਿ ਉਹ ਜੰਡਿਆਲਾ ਤੋਂ ਟਰੈਕਟਰ ਮਾਰਚ ਦੌਰਾਨ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਭਾਵੇਂ ਉਹ ਕਿਸੇ ਸਿਆਸੀ ਜਥੇਬੰਦੀ ਨਾਲ ਜੁੜੇ ਹੋਏ ਹਨ ਪਰ ਉਹ ਕਿਸਾਨਾਂ ਦੇ ਹੱਕ ਵਿੱਚ ਡਟੇ ਰਹਿਣਗੇ। ਇਸ ਤੋਂ ਪਹਿਲਾਂ ਯੂਥ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਬਾਈਕ ਰੈਲੀ ਕੱਢੀ ਗਈ। ਇਸ ਵਿੱਚ ਕਈ ਨੌਜਵਾਨ ਆਗੂਆਂ ਨੇ ਸ਼ਮੂਲੀਅਤ ਕੀਤੀ।
ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਨੂੰ ਸਫ਼ਲ ਬਣਾਉਣ ਦੀ ਜ਼ਿੰਮੇਵਾਰੀ ਸਥਾਨਕ ਆਗੂਆਂ ’ਤੇ ਹੋਵੇਗੀ। ਹਾਲਾਂਕਿ ਕਾਂਗਰਸ ਦਾ ਦਾਅਵਾ ਹੈ ਕਿ ਇਸ ਮਾਰਚ ਨਾਲ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਇਹ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਸਹੀ ਢੰਗ ਨਾਲ ਕਰਵਾਇਆ ਜਾਵੇਗਾ।