15,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਨੂੰਨਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 28 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ ਹੁਣ ਕਾਨੂੰਨਗੋ ਹੈ ਅਤੇ ਉਸ ਦੇ ਸਹਾਇਕ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਿਰੁੱਧ 15,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਜਸਵੀਰ ਸਿੰਘ ਕਾਨੂੰਨਗੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਦੇ ਕਰਿੰਦੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪਿੰਡ ਛਪਾਰ, ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਹਰਨੇਕ ਸਿੰਘ ਸੇਖੋਂ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20,000 ਰੁਪਏ ਮੰਗੇ ਸਨ। ਪੜਤਾਲ ਦੌਰਾਨ ਪਤਾ ਲੱਗਾ ਕਿ ਪਟਵਾਰੀ ਦੇ ਕਰਿੰਦੇ ਗੁਰਪ੍ਰੀਤ ਸਿੰਘ ਨੇ 20,000 ਰੁਪਏ ਦੀ ਮੰਗ ਕੀਤੀ ਸੀ ਪਰ ਜਦੋਂ ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਗੱਲ ਕੀਤੀ ਤਾਂ ਉਸ ਨੇ ਰਿਸ਼ਵਤ ਦੀ ਰਕਮ ਘਟਾ ਕੇ 15,000 ਰੁਪਏ ਕਰ ਦਿੱਤੀ।

ਸ਼ਿਕਾਇਤਕਰਤਾ ਨੇ ਆਪਣੀ, ਗੁਰਪ੍ਰੀਤ ਸਿੰਘ ਅਤੇ ਪਟਵਾਰੀ ਜਸਵੀਰ ਸਿੰਘ ਦਰਮਿਆਨ ਹੋਈ ਸਾਰੀ ਗੱਲਬਾਤ ਨੂੰ ਆਪਣੇ ਮੋਬਾਈਲ ਫੋਨ ‘ਚ ਰਿਕਾਰਡ ਕਰ ਲਿਆ ਅਤੇ ਬਿਓਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ। ਸ਼ਿਕਾਇਤਕਰਤਾ ਨੇ ਸ਼ਿਕਾਇਤ ਦਰਜ ਕਰਵਾਉਣ ਤੋਂ ਪਹਿਲਾਂ ਪਟਵਾਰੀ ਅਤੇ ਉਸ ਦੇ ਕਰਿੰਦੇ ਗੁਰਪ੍ਰੀਤ ਸਿੰਘ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਬੰਧੀ ਗੱਲਬਾਤ ਦੀ ਰਿਕਾਰਡਿੰਗ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਕਰ ਦਿੱਤੀ ਸੀ ਤਾਂ ਜੋ ਵਿਭਾਗ ਵੱਲੋਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਪਰ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਇਹ ਸ਼ਿਕਾਇਤ ਦਰਜ ਕਰਵਾਈ। ਇਸ ਕੇਸ ਦੀ ਜਾਂਚ ਦੌਰਾਨ, ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਫੋਰੈਂਸਿਕ ਸਾਇੰਸ ਲੈਬਾਰਟਰੀ (ਐਫ.ਐਸ.ਐਲ.) ਤੋਂ ਸ਼ੱਕੀ ਅਤੇ ਸ਼ਿਕਾਇਤਕਰਤਾ ਦੋਵਾਂ ਦੀ ਆਵਾਜ਼ ਦੀ ਰਿਕਾਰਡਿੰਗ ਦੀ ਤੁਲਨਾ ਕੀਤੀ ਗਈ, ਜੋ ਮੇਲ ਖਾਂਦੀ ਪਾਈ ਗਈ ਅਤੇ ਸ਼ਿਕਾਇਤ ਵਿੱਚ ਲਾਏ ਦੋਸ਼ ਸਹੀ ਸਾਬਤ ਹੋਏ।

ਇਸ ਤਫਤੀਸ਼ ਦੇ ਆਧਾਰ ‘ਤੇ ਕਾਨੂੰਗੋ ਅਤੇ ਉਸ ਦੇ ਕਰਿੰਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਮਿਤੀ 27.02. 2024 ਨੂੰ ਐਫ.ਆਈ.ਆਰ. ਨੰ. 09 ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜਸਵੀਰ ਸਿੰਘ ਕਾਨੂੰਗੋ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Scroll to Top