Vigilance Bureau

ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 21 ਮਾਰਚ, 2024: ਪੰਜਾਬ ਵਿਜੀਲੈਂਸ ਬਿਊਰੋ ( Vigilance Bureau ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ( Vigilance Bureau ) ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Scroll to Top