Vigilance Bureau

8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ, 22 ਮਾਰਚ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ (Vigilance Bureau) ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਗੁਰਦਾਸਪੁਰ ਦੇ ਪਿੰਡ ਹਰਦੋਚੰਦੇ ਦੇ ਵਸਨੀਕ ਸ਼ਮਸ਼ੇਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਬੈਂਕ ਵੱਲੋਂ ਜਾਰੀ ਐਨ.ਓ.ਸੀ. ਦੀ ਐਂਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਪਹਿਲਾਂ ਵੀ 1,500 ਰੁਪਏ ਨਗਦ ਲੈ ਲਏ ਸਨ ਅਤੇ ਦੋ ਕਿਸ਼ਤਾਂ ਵਿੱਚ 6,500 ਰੁਪਏ ਟ੍ਰਾਂਸਫਰ ਕੀਤੇ ਗਏ। ਇਸ ਜਾਂਚ ਤੋਂ ਬਾਅਦ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Scroll to Top