ਚੰਡੀਗੜ੍ਹ, 26 ਮਾਰਚ 2024: ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਵੀਰਵਾਰ ਦੇਰ ਸ਼ਾਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੇ ਘਰ ਤੋਂ ਕਥਿਤ ਸ਼ਰਾਬ ਘਪਲੇ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਜਾਰੀ ਹੈ । ਆਮ ਆਦਮੀ ਪਾਰਟੀ (ਆਪ) ਅਤੇ ਹੋਰ ਸਿਆਸੀ ਪਾਰਟੀਆਂ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਇਸ ਵਾਰ ਹੋਲੀ ਨਾ ਮਨਾਉਣ ਦਾ ਐਲਾਨ ਕੀਤਾ ਅਤੇ ਪਾਰਟੀ ਨੇ ਕਈ ਥਾਵਾਂ ‘ਤੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਹੁਣ ‘ਆਪ’ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਤਿਆਰੀ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਸੀਐਮ ਕੇਜਰੀਵਾਲ (CM Arvind Kejriwal) ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਮੰਗਲਵਾਰ ਯਾਨੀ ਅੱਜ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੈ। ਇਸ ਦੇ ਨਾਲ ਹੀ ਸਾਰੀਆਂ ਵਿਰੋਧੀ ਪਾਰਟੀਆਂ ਨੇ 31 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ ਵਿਸ਼ਾਲ ਰੈਲੀ ਕਰਨ ਦਾ ਵੀ ਐਲਾਨ ਕੀਤਾ ਹੈ।
ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ, ‘ਅਰਵਿੰਦ ਕੇਜਰੀਵਾਲ, ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਸਾਡੇ ਪਰਿਵਾਰ ਦੇ ਮੈਂਬਰ ਹਨ। ਇਸ ਲਈ ਪਾਰਟੀ ਨੇ ਇਸ ਸਾਲ ਹੋਲੀ ਨਾ ਮਨਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਅਸੀਂ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਹੀ ਹੋਲੀ ਮਨਾਵਾਂਗੇ। ਇੰਡੀਆ ਗਠਜੋੜ 31 ਮਾਰਚ ਨੂੰ ਰਾਮਲੀਲਾ ਮੈਦਾਨ ‘ਚ ਕੇਂਦਰ ਸਰਕਾਰ ਖਿਲਾਫ ਮਹਾਂਰੈਲੀ ਕਰੇਗਾ।