Sri Harmandir Sahib

ਸ੍ਰੀ ਹਰਿਮੰਦਰ ਸਾਹਿਬ ‘ਚ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ

ਅੰਮ੍ਰਿਤਸਰ, 04 ਅਪ੍ਰੈਲ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸੇਵਾ ਨਿਭਾਉਣ ਵਾਲੇ ਹਰੇਕ ਮੁਲਾਜ਼ਮਾਂ ਨੂੰ ਡ੍ਰੈੱਸ ਕੋਡ ਦੇ ਨਾਲ-ਨਾਲ ਗਲੇ ਵਿਚ ਸ਼ਨਾਖਤੀ ਕਾਰਡ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਗੁਰਦੁਆਰਾ ਸਾਹਿਬ (Sri Harmandir Sahib) ਅਤੇ ਸਰਾਵਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਦੀ ਪਛਾਣ ਆਸਾਨੀ ਨਾਲ ਹੋ ਸਕਦੀ ਹੈ। ਇਸ ਸਬੰਧੀ ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਵਾਰ ਮੁੜ ਤੋਂ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਡ੍ਰੈੱਸ ਕੋਡ ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਐੱਸ. ਜੀ. ਪੀ. ਸੀ. ਵਿਚ 22 ਹਜ਼ਾਰ ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਡਿਊਟੀ ਦੌਰਾਨ ਗਲੇ ਵਿਚ ਸ਼ਨਾਖਤੀ ਕਾਰਡ ਪਾਉਣਾ ਵੀ ਜ਼ਰੂਰੀ ਕਰ ਦਿੱਤਾ ਗਿਆ ਹੈ। ਪ੍ਰਧਾਨ ਧਾਮੀ ਨੇ ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਸਕੱਤਰ ਪ੍ਰਤਾਪ ਸਿੰਘ ਨੂੰ ਸਖਤ ਹਦਾਇਤਾਂ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਇਸ ਸਬੰਧੀ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਅ ਰਹੇ ਹਰੇਕ ਮੁਲਾਜ਼ਮ ਜਾਂ ਅਧਿਕਾਰੀ ਲਈ ਇਹ ਹੁਕਮ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅਤੇ ਸਰਾਵਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਦੇ ਨਾਲ-ਨਾਲ ਸਕੂਲਾਂ ਕਾਲਜਾਂ ਦੇ ਵਿਚ ਡਿਊਟੀ ਤੇ ਤਾਇਨਾਤ ਸੇਵਾਦਾਰ ਵੀ ਇਸ ਹੁਕਮ ਦੀ ਪਾਲਣਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕਾਲਜਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮ ਅਤੇ ਅਧਿਕਾਰੀ ਵੀ ਆਪਣਾ ਸ਼ਨਾਖਤੀ ਕਾਰਡ ਗਲੇ ਵਿਚ ਪਾ ਕੇ ਡਿਊਟੀ ਸਮੇਂ ਤਾਇਨਾਤ ਰਹਿਣਗੇ।

Scroll to Top