ਚੰਡੀਗੜ੍ਹ, 25 ਅਪ੍ਰੈਲ 2024: ਜਗਰਾਉਂ ਦੇ ਪਿੰਡ ਮੱਲਾ ਵਿੱਚ ਇੱਕ ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ (suicide) ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਦੀ ਪਛਾਣ ਸੁਖਮੰਦਰ ਸਿੰਘ ਵਾਸੀ ਮਾਈ ਗੋਦੀ ਫਰੀਦਕੋਟ ਹਾਲ ਵਾਸੀ ਪਿੰਡ ਮੱਲਾ ਵਜੋਂ ਹੋਈ ਹੈ। ਪੁਲਿਸ ਨੇ ਉਕਤ ਕਿਸਾਨ ਦੀ ਮ੍ਰਿਤਕ ਦੇਹ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਕਰਜ਼ੇ ਦੀ ਮਾਰ ਝੱਲ ਰਿਹਾ ਸੀ।
ਮ੍ਰਿਤਕ ਦੇ ਲੜਕੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨਾਂ ਦਾ ਪਿਓ ਆਪਣੇ ਪਰਿਵਾਰ ਸਮੇਤ ਪਿੰਡ ਮੱਲਾ ਵਿਖੇ ਆਪਣੀ ਭੈਣ ਦੇ ਘਰ ਰਹਿੰਦਾ ਸੀ। ਜਿੱਥੇ ਉਹ ਸਿਰਫ਼ ਚਾਰ ਏਕੜ ਜ਼ਮੀਨ ‘ਤੇ ਖੇਤੀ ਕਰਦਾ ਹੈ। ਉਸ ਦੇ ਪਿਓ ‘ਤੇ ਲੱਖਾਂ ਰੁਪਏ ਦਾ ਕਰਜ਼ਾ ਸੀ। ਇਸ ਤੋਂ ਇਲਾਵਾ ਆਪਣੀਆਂ ਤਿੰਨ ਲੜਕੀਆਂ ਦੇ ਵਿਆਹ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ।
ਇਸੇ ਪ੍ਰੇਸ਼ਾਨੀ ਕਾਰਨ ਉਸਦੇ ਪਿਓ ਨੇ ਜ਼ਹਿਰੀਲੀ ਦਵਾਈ ਪੀ ਲਈ (suicide) ਅਤੇ ਕਰਜ਼ੇ ਦਾ ਬੋਝ ਝੱਲਣ ਤੋਂ ਅਸਮਰੱਥ ਹੋ ਗਿਆ। ਮੁੰਡੇ ਨੇ ਦੱਸਿਆ ਉਨ੍ਹਾਂ ਨੇ ਆਪਣੇ ਪਿਓ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਪਰ ਹਾਲਤ ਗੰਭੀਰ ਹੋਣ ਕਾਰਨ ਉਸਦੇ ਪਿਓ ਦੀ ਇਲਾਜ ਦੌਰਾਨ ਮੌਤ ਹੋ ਗਈ।