ਚੰਡੀਗੜ੍ਹ 19 ਦਸੰਬਰ 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਬੀਤੇ ਦਿਨ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕਰਦਿਆਂ ਸੂਬਾ ਅਧਿਕਾਰੀਆਂ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਅਸਲ ਸਾਜ਼ਿਸ਼ਕਾਰਾਂ ਦਾ ਪਤਾ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਸੀਐਮਓ ਪੰਜਾਬ ਨੇ ਟਵੀਟ ਕਰਕੇ ਕਿਹਾ ਕਿ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕੀਤੀ ਹੈ।
ਇਸਦੇ ਨਾਲ ਹੀ ਸੀਐਮਓ ਪੰਜਾਬ ਨੇ ਇੱਕ ਹੋਰ ਟਵੀਟ ਵਿੱਚ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੇ ਪੁਲਿਸ ਅਧਿਕਾਰੀਆਂ ਨੂੰ ਇਸ ਕਾਇਰਤਾਪੂਰਨ ਕਾਰੇ ਦੇ ਪਿੱਛੇ ਕਾਰਨਾਂ ਅਤੇ ਅਸਲ ਸਾਜ਼ਿਸ਼ਕਾਰਾਂ ਬਾਰੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਨੂੰ ਵੀ ਫੋਨ ਕੀਤਾ ਅਤੇ ਮਾਮਲੇ ਦੀ ਤਹਿ ਤੱਕ ਜਾਣ ਲਈ ਉਨ੍ਹਾਂ ਦੀ ਸਰਕਾਰ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।