Punjab Vigilance Bureau

6000 ਰੁਪਏ ਦੀ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ, 14 ਮਈ 2024: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਸ਼ਹਿਰ ਦੇ ਵਾਸੀ ਅਨੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Punjab Vigilance Bureau) ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੀ ਰਿਸ਼ਤੇਦਾਰ ਪਰਵਿੰਦਰ ਦੇਵੀ ਪਿੰਡ ਗਾਗਾ ਵਿਖੇ ਕਿਰਾਏ ‘ਤੇ ਰਹਿ ਰਹੀ ਸੀ। ਉਸ ਨੇ ਆਪਣੇ ਮਕਾਨ ਮਾਲਕ ਰਾਕੇਸ਼ ਜਿੰਦਲ ਵਿਰੁੱਧ ਦੇ ਦੁਰਵਿਵਹਾਰ ਖ਼ਿਲਾਫ਼ ਥਾਣਾ ਲਹਿਰਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਉਕਤ ਮੁਲਜ਼ਮ ਏਐਸਆਈ ਉਸ ​​ਦੀ ਗੱਲ ਨਹੀਂ ਸੁਣ ਰਿਹਾ ਸੀ ਅਤੇ ਇਸ ਦੌਰਾਨ ਮਕਾਨ ਮਾਲਕ ਨੇ ਘਰ ਦੇ ਉਸ ਹਿੱਸੇ ਨੂੰ ਤਾਲਾ ਲਗਾ ਦਿੱਤਾ ਜਿੱਥੇ ਉਸਦਾ ਸਮਾਨ ਪਿਆ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਕਤ ਏ.ਐਸ.ਆਈ. ਕੋਲ ਪਹੁੰਚ ਕੀਤੀ ਤਾਂ ਉਸਨੇ ਕਿਰਾਏਦਾਰ ਪਰਵਿੰਦਰ ਦੇਵੀ ਨੂੰ ਕਿਰਾਏ ਦੀ ਰਿਹਾਇਸ਼ ਤੋਂ ਉਸਦਾ ਸਮਾਨ ਚੁਕਾਉਣ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ 2000 ਰੁਪਏ ਲੈ ਚੁੱਕਾ ਹੈ ਅਤੇ ਦੂਜੀ ਕਿਸ਼ਤ ਵਿੱਚ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏਐਸਆਈ ਰਾਜਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Scroll to Top