July 2, 2024 6:28 pm
Election Commission

ਜ਼ਿਲ੍ਹੇ ਦੀਆਂ ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਜਾਇਜ਼ ਉਸਾਰੀਆਂ ‘ਤੇ ਮੋਹਾਲੀ ਪ੍ਰਸ਼ਾਸਨ ਸਖ਼ਤ

ਐਸ.ਏ.ਐਸ.ਨਗਰ, 14 ਮਈ, 2024: ਚੰਡੀਗੜ੍ਹ ਦੀ ਹੱਦ ਨਾਲ ਲੱਗਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡਾਂ ਵਿੱਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੋਹਾਲੀ ਪ੍ਰਸ਼ਾਸਨ (Mohali administration) ਨੇ ਪਿੰਡ ਝਾਮਪੁਰ ਦੇ ਦੋ ਵਿਅਕਤੀਆਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਹੈ ਜਦੋਂਕਿ ਤੀੜਾ ਪਿੰਡ ਦੇ 9 ਵਿਅਕਤੀਆਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਇਲਾਕਾ ਪੰਜਾਬ ਨਿਊ ਕੈਪੀਟਲ (ਪੈਰੀਫੇਰੀ) ਕੰਟਰੋਲ ਐਕਟ, 1952 ਅਧੀਨ ਆਉਂਦਾ ਹੈ, ਜਿੱਥੇ ਬਿਨਾਂ ਮਨਜ਼ੂਰੀ ਤੋਂ ਨਵੀਆਂ ਉਸਾਰੀਆਂ ਕਰਨ ਦੀ ਮਨਾਹੀ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਗਮਾਡਾ (ਐਮ ਸੀ ਸੀਮਾ ਤੋਂ ਬਾਹਰ) ਅਤੇ ਸਥਾਨਕ ਸਰਕਾਰ ਸੰਸਥਾਵਾਂ ਨੂੰ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਪੇਂਡੂ ਖੇਤਰ ਖਾਸ ਕਰਕੇ ਲਾਲ ਡੋਰੇ ਵਿੱਚ ਪੈਂਦੀਆਂ ਜ਼ਮੀਨਾਂ ਵਿੱਚ ਨਾਜਾਇਜ਼ ਉਸਾਰੀਆਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਉਸਾਰੀ ਸਬੰਧੀ ਨਿਯਮਾਂ ਨਾਲ ਨਜਿੱਠਣ ਵਾਲੀਆਂ ਅਥਾਰਟੀਆਂ (Mohali administration) ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਗੈਰ-ਕਾਨੂੰਨੀ ਉਸਾਰੀ ‘ਤੇ ਤਿੱਖੀ ਨਜ਼ਰ ਰੱਖਣ ਅਤੇ ਜੇਕਰ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਉਸਾਰੀ ਨੂੰ ਤੁਰੰਤ ਪ੍ਰਭਾਵ ਨਾਲ ਢਾਹ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁਝ ਮਾਮਲਿਆਂ ਵਿੱਚ ਪਹਿਲਾਂ ਹੀ ਢਾਹੁਣ ਦੀ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਬਾਕੀਆਂ ਦੀ ਸੂਚੀ ਸਬੰਧਤ ਅਧਿਕਾਰੀਆਂ ਵੱਲੋਂ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਨਜਾਇਜ਼ ਉਸਾਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਉਸਾਰੀ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਸੁਚੇਤ ਰਹਿਣ ਨਹੀਂ ਤਾਂ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।