ਚੰਡੀਗੜ੍ਹ, 22 ਮਈ 2024: ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ (Sippy Sidhu) ਦਾ ਕਰੀਬ ਅੱਠ ਸਾਲ ਪਹਿਲਾਂ ਚੰਡੀਗੜ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਸੁਪਰੀਮ ਕੋਰਟ ਦੇ ਦੋ ਜੱਜਾਂ ਦੀ ਬੈਂਚ ਨੇ ਇਸ ਕੇਸ ਦੇ ਮੁਲਜ਼ਮ ਸਾਬਕਾ ਜੱਜ ਦੀ ਧੀ ਕਲਿਆਣੀ ਸਿੰਘ ਵੱਲੋਂ ਦਾਇਰ ਪਟੀਸ਼ਨ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ।
ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਇਸ ਕੇਸ (Sippy Sidhu) ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਕਿਹਾ ਹੈ ਕਿ ਉਹ ਇਸ ਕੇਸ ਦੀ ਸੁਣਵਾਈ ਕਰਨ ਲਈ ਤਿਆਰ ਨਹੀਂ ਹੈ, ਕਿਉਂਕਿ ਇਸ ਵਿੱਚ ਮੁਲਜ਼ਮ ਸਾਬਕਾ ਜੱਜ ਦੀ ਧੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਮਾਮਲਾ ਅਗਲੇ ਹਫ਼ਤੇ ਕਿਸੇ ਹੋਰ ਬੈਂਚ ਕੋਲ ਸੂਚੀਬੱਧ ਕੀਤਾ ਜਾਵੇ।
ਪਟੀਸ਼ਨਕਰਤਾ ਕਲਿਆਣੀ ਦੇ ਵਕੀਲ ਸਿਧਾਰਥ ਦਵੇ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਹ ਹੁਕਮ ਹਾਈ ਕੋਰਟ ਨੇ 25 ਅਪ੍ਰੈਲ ਨੂੰ ਜਾਰੀ ਕੀਤਾ ਸੀ। ਹਾਈ ਕੋਰਟ ਨੇ ਚੰਡੀਗੜ੍ਹ ਪੁਲੀਸ ਵੱਲੋਂ ਦਰਜ ਗਵਾਹਾਂ ਦੇ ਬਿਆਨਾਂ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਸੀ।
ਦਵੇ ਨੇ ਦੱਸਿਆ ਕਿ ਪਹਿਲਾਂ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲੀਸ ਕੋਲ ਸੀ ਪਰ ਬਾਅਦ ਵਿੱਚ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ। ਜਾਂਚ ਨੂੰ ਅੱਗੇ ਵਧਾਉਂਦੇ ਹੋਏ ਸੀਬੀਆਈ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਇੱਥੋਂ ਤੱਕ ਕਿ ਦੋਸ਼ ਆਇਦ ਕੀਤੇ ਗਏ ਹਨ। ਅਜਿਹੇ ‘ਚ ਉਹ ਮਾਮਲੇ ਦੀ ਸਹੀ ਬਹਿਸ ਕਰ ਸਕਦਾ ਸੀ, ਇਸ ਲਈ ਉਨ੍ਹਾਂ ਨੇ ਚੰਡੀਗੜ੍ਹ ਪੁਲਿਸ ਤੋਂ ਦਰਜ ਗਵਾਹਾਂ ਦੀ ਮੰਗ ਕੀਤੀ ਸੀ।