Padach Dam

DC ਆਸ਼ਿਕਾ ਜੈਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਪੜਛ ਡੈਮ ‘ਚ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ ਲੋੜੀਂਦੇ ਟੈਂਕਰ ਮੁੱਹਈਆ ਕਰਵਾਉਣ ਦੇ ਨਿਰਦੇਸ਼

ਐਸ.ਏ.ਐਸ.ਨਗਰ, 19 ਜੂਨ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਨੂੰ ਆਦੇਸ਼ ਦਿੱਤੇ ਹਨ ਕਿ ਮੌਨਸੂਨ ਸ਼ੁਰੂ ਹੋਣ ਤੱਕ ਪੜਛ ਡੈਮ (Padach Dam) ਵਿੱਚ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ ਟੈਂਕਰਾਂ ਦੀ ਨਿਰਵਿਘਨ ਸਪਲਾਈ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੌਨਸੂਨ ਵਿੱਚ ਦੇਰੀ ਅਤੇ ਤਾਪਮਾਨ ਵਿੱਚ ਵਾਧੇ ਕਾਰਨ ਸਮੱਸਿਆ ਦੀ ਗੰਭੀਰਤਾ ਵਧ ਗਈ ਹੈ ਅਤੇ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕਰਕੇ ਪਾਣੀ ਦੀ ਕਮੀ ਨਾਲ ਨਜਿੱਠਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਬਨਸਪਤੀ ਅਤੇ ਜੀਵ-ਜੰਤੂਆਂ ਨੂੰ ਅਤਿ ਦੀ ਗਰਮੀ ਦੇ ਮੌਸਮ ਤੋਂ ਬਚਾਉਣ ਲਈ ਪਿੰਡ ਵਾਸੀਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੌਨਸੂਨ ਦੇ ਆਉਣ ਤੱਕ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ ਹੋਰ ਟੈਂਕਰ ਲਗਾ ਕੇ ਉਨ੍ਹਾਂ ਦੇ ਉਪਰਾਲੇ ਵਿੱਚ ਸਾਥ ਦੇਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਨੇ ਉਕਤ ਸਥਾਨ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਅਤੇ ਜੰਗਲੀ ਜੀਵਾਂ ਅਤੇ ਰੀਂਗਣ ਵਾਲੇ ਜੀਵਾਂ ਦੀ ਭਲਾਈ ਲਈ ਕੀਤੇ ਜਾ ਰਹੇ ਫੌਰੀ ਕਦਮਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਉਂਕਿ ਡੈਮ (Padach Dam) ਜੰਗਲਾਤ ਵਿਭਾਗ ਦੀ ਜ਼ਮੀਨ ‘ਤੇ ਸਥਿਤ ਹੈ, ਇਸ ਲਈ ਉੱਚ ਅਧਿਕਾਰੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਇਸ ਜਗ੍ਹਾ ਤੋਂ ਗਾਰ ਕੱਢਣ ਦੀ ਮਨਜ਼ੂਰੀ ਦੇਣ।

ਜੈਨ ਨੇ ਅੱਗੇ ਕਿਹਾ ਕਿ ਭਵਿੱਖ ਵਿੱਚ ਪਾਣੀ ਦੀ ਕਮੀ ਦਾ ਟਿਕਾਊ ਹੱਲ ਪ੍ਰਦਾਨ ਕਰਨ ਲਈ ਭੂਮੀ ਸੰਭਾਲ ਵਿਭਾਗ ਨੂੰ ਉਪਰਲੇ ਚੋਅ (ਬਰਸਾਤੀ ਨਾਲਿਆਂ) ਤੋਂ ਇਕੱਠੀ ਹੁੰਦੀ ਗ਼ਾਰ ਦੇ ਮੁੱਦੇ ਨੂੰ ਹੱਲ ਕਰਨ ਲਈ ਯੋਜਨਾ ਤਿਆਰ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਆਰਜ਼ੀ ਟਿਊਬਵੈੱਲ ਲਗਾਉਣ ਦੀ ਮੰਗ ਵੀ ਜੰਗਲਾਤ ਵਿਭਾਗ ਕੋਲ ਉਠਾਈ ਜਾਵੇਗੀ ਤਾਂ ਜੋ ਲੋਕ ਹਿੱਤ ਵਿੱਚ ਲੋੜੀਂਦੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾ ਸਕਣ।

Scroll to Top