ਚੰਡੀਗੜ੍ਹ, 08 ਜੁਲਾਈ 2024: 10 ਜੁਲਾਈ ਨੂੰ ਹੋਣ ਵਾਲੀ ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਅੱਜ ਸ਼ਾਮ 5:00 ਵਜੇ ਚੋਣ ਪ੍ਰਚਾਰ ਸਮਾਪਤ ਹੋ ਜਾਵੇਗਾ | ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਦਲਜੀਤ ਸਿੰਘ ਭਾਨਾ (Daljit Singh Bhana) ਦੀ ਪੈਰੋਲ ਰੱਦ ਕਰਨ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੇ ਭਾਨਾ ਦੀ ਪੈਰੋਲ ਰੱਦ ਕਰਨ ਲਈ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ |
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਸੂਚਿਤ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਦਲਜੀਤ ਸਿੰਘ ਭਾਨਾ (Daljit Singh Bhana) ਦੀ ਪੈਰੋਲ ਰੱਦ ਕਰ ਦਿੱਤੀ ਜਾਵੇ।