ਚੰਡੀਗੜ੍ਹ, 13 ਜੁਲਾਈ 2024: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਡਾਈਮੋਨੀਅਮ ਫਾਸਫੇਟ (DAP) ਖਾਦ ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ (fertilizer companies) ਦੇ ਲਾਇਸੈਂਸ ਰੱਦ ਕੀਤੇ ਗਏ ਹਨ । ਇਨ੍ਹਾਂ ਕੰਪਨੀਆਂ ਦੇ ਨਾਂ ਮੈਸਰਜ਼ ਕ੍ਰਿਸ਼ਨਾ ਫੋਸ਼ੈਮ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਮਧਯ ਭਾਰਤ ਐਗਰੋ ਪ੍ਰੋਡੱਕਟਸ ਲਿਮਟਿਡ ਹਨ |
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਮਾਰਕਫੈੱਡ ਨੂੰ ਸਪਲਾਈ ਕੀਤੇ DAP ਸਟਾਕ ‘ਚੋਂ 40 ਨਮੂਨੇ ਲਏ ਗਏ ਇਨ੍ਹਾਂ ‘ਚ ਖਾਦ ਕੰਟਰੋਲ ਆਰਡਰ 1985 ਮੁਤਾਬਕ 24 ਨਮੂਨੇ ਗੈਰ-ਮਿਆਰੀ ਪਾਏ ਗਏ | ਉਨ੍ਹਾਂ ਦੱਸਿਆ ਕਿ ਹੁਣ ਤੱਕ ਖਾਦਾਂ ਦੇ 1004 ਸੈਂਪਲ ਜਾਂਚ ਲਈ ਲੈਬਾਰਟਰੀਆਂ ‘ਚ ਭੇਜੇ ਗਏ ਹਨ | ਵਿੱਤੀ ਸਾਲ 2024-25 ਦੌਰਾਨ 4700 ਖਾਦ ਨਮੂਨਿਆਂ ਦੀ ਜਾਂਚ ਦਾ ਟੀਚਾ ਰੱਖਿਆ ਗਿਆ ਹੈ।